ਇਕੱਲੀ ਸਰਕਾਰ ਨਹੀਂ ਬਚਾ ਸਕਦੀ ਧਰਤੀ ਹੇਠਲਾ ਪਾਣੀ: ਭਗਵੰਤ ਮਾਨ

ਪਾਣੀ ਦੇ ਡਿੱਗ ਰਹੇ ਪੱਧਰ ਤੇ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਦਾ ਸਹਿਯੋਗ ਮੰਗਿਆ

ਇਕੱਲੀ ਸਰਕਾਰ ਨਹੀਂ ਬਚਾ ਸਕਦੀ ਧਰਤੀ ਹੇਠਲਾ ਪਾਣੀ: ਭਗਵੰਤ ਮਾਨ

ਸੀਚੇਵਾਲ ਵਿੱਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ ਮਲਕੀਅਤ ਸਿੰਘ

ਪਾਲ ਸਿੰਘ ਨੌਲੀ/ਗੁਰਮੀਤ ਸਿੰਘ ਖੋਸਲਾ

ਜਲੰਧਰ/ਆਦਮਪੁਰ ਦੋਆਬਾ, 27 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੇ ਤੇਜ਼ੀ ਨਾਲ ਘਟਦੇ ਪੱਧਰ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਜਿਹੜੀਆਂ ਮੋਟਰਾਂ ਨਾਲ ਤੇਲ ਕੱਢਿਆ ਜਾਂਦਾ ਹੈ ਉਨ੍ਹਾਂ ਮੋਟਰਾਂ ਦੀ ਵਰਤੋਂ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪ੍ਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਵਾਸਤੇ ਤਰਸਣ ਲਈ ਮਜਬੂਰ ਨਾ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਿੰਡ ਸੀਚੇਵਾਲ ਨਿਰਮਲ ਕੁਟੀਆ ’ਚ ਸੰਤ ਅਵਤਾਰ ਸਿੰਘ ਦੀ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਪੁੱਜੇ ਸਨ। ਮੁੱਖ ਮੰਤਰੀ ਨੇ ਸੂਬੇ ਦੀ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਵਿਰੁੱਧ ਜੰਗ ਛੇੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਧਰਤੀ ਹੇਠਲਾ ਪਾਣੀ ਨਾ ਬਚਾ ਸਕੇ ਤਾਂ ਆਉਣ ਵਾਲੀਆਂ ਨਸਲਾਂ ਸਾਨੂੰ ਮੁਆਫ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਇਕੱਲਾ ਸਰਕਾਰ ਦੇ ਯਤਨ ਨਹੀਂ ਬਚਾ ਸਕਦੇ, ਇਸ ਕੰਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਪੰਜਾਬ ਸਰਕਾਰ ਦੇ ਯਤਨਾਂ ਨੂੰ ਕਿਸਾਨਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਿਰਮਲ ਕੁਟੀਆ ਵਿੱਚ ਪੌਦਾ ਵੀ ਲਾਇਆ।

ਫਸਲੀ ਵਿਭਿੰਨਤਾ ਲਈ ਸੂਬਾ ਸਰਕਾਰ ਸੁਹਿਰਦ

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਨਿਕਲਣ ਲਈ ਬਦਲਵੀਆਂ ਫਸਲਾਂ ਦਾ ਪ੍ਰਬੰਧ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਸੂਬਾ ਸਰਕਾਰ ਸੂਰਜਮੁਖੀ, ਸਰ੍ਹੋਂ, ਮੱਕੀ ਤੇ ਦਾਲਾਂ ਬੀਜਣ ਲਈ ਵੀ ਕਿਸਾਨਾਂ ਨੂੰ ਅਪੀਲ ਕਰੇਗੀ ਤੇ ਇਨ੍ਹਾਂ ਦੀ ਖਰੀਦ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ।

ਮੁੱਖ ਮੰਤਰੀ ਵੱਲੋਂ ਨਹਿਰੀ ਅਧਿਕਾਰੀਆਂ ਨੂੰ ਹਦਾਇਤਾਂ

ਵਾਤਾਵਰਨ ਦੇ ਪੱਖ ਤੋਂ ਦੋਆਬੇ ਨੂੰ ਰੋਲ ਮਾਡਲ ਬਣਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਡਰੇਨੇਜ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਬਿਸਤ ਦੋਆਬ ਨਹਿਰ ਵਿਚੋਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਚਿੱਟੀ ਵੇਈਂ ਵਿਚ ਪਾਣੀ ਛੱਡਿਆ ਜਾਵੇ। ਸੰਤ ਸੀਚੇਵਾਲ ਨੇ ਚਿੱਟੀ ਵੇਈਂ ਵਿਚ ਸਿੰਬਲੀ ਕੋਲੋਂ 300 ਕਿਊਸਿਕ, ਅਲਾਵਲਪੁਰ ਤੋਂ 100 ਕਿਊਸਿਕ ਤੇ ਜਲੰਧਰ ਸ਼ਹਿਰ ਤੋਂ ਕਾਲਾ ਸੰਘਿਆਂ ਡਰੇਨ ਲਈ 10 ਕਿਊਸਿਕ ਪਾਣੀ ਛੱਡਣ ਦੀ ਤਜਵੀਜ਼ ਰੱਖੀ ਸੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All