ਜਥੇਬੰਦੀਆਂ ਦੇ ਸੰਘਰਸ਼ ਸਦਕਾ ਸਰਕਾਰ ਨੇ ਮਜ਼ਦੂਰਾਂ ਲਈ ਮੁਆਵਜ਼ਾ ਐਲਾਨਿਆ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਕਿਹਾ ਕਿ ਉੁਨ੍ਹਾ ਦੇ ਸਾਂਝੇ ਮੋਰਚੇ ਵੱਲੋਂ ਹੜ੍ਹਾਂ ਅਤੇ ਬਾਰਸ਼ਾਂ ਨਾਲ ਨੁਕਸਾਨੇ ਘਰਾਂ ਤੇ ਸਮਾਨ ਦਾ ਮਜ਼ਦੂਰਾਂ/ਦਲਿਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਕੀਤੇ ਸੰਘਰਸ਼ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੀੜਤ ਮਜ਼ਦੂਰਾਂ/ਦਲਿਤਾਂ ਲਈ ਵੀ ਮੁਆਵਜ਼ੇ ਦਾ ਐਲਾਨ ਕਰਨਾ ਪਿਆ ਹੈ।
ਮੋਰਚੇ ਵਿਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਇਲਾਕਾ ਪ੍ਰਧਾਨ ਹਰਪਾਲ ਬਿੱਟੂ, ਸਕੱਤਰ ਸੁਖਜਿੰਦਰ ਲਾਲੀ ਤੇ ਸਤਨਾਮ ਉੱਗੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਹੰਸ ਰਾਜ ਪੱਬਵਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਨੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਅਤੇ ਬਾਰਸ਼ਾਂ ਨਾਲ ਪਰਭਾਵਿਤ ਹੋਏ ਮਜ਼ਦੂਰਾਂ ਦੇ ਡਿੱਗੇ ਮਕਾਨਾਂ ਲਈ ਇਕ ਲੱਖ ਵੀਹ ਹਜ਼ਾਰ ਅਤੇ ਨੁਕਸਾਨੇ ਘਰਾਂ ਲਈ 40 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੇ ਕੀਤੇ ਐਲਾਨ ਨੂੰ ਉਨ੍ਹਾਂ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਦੀ ਅੰਸ਼ਿਕ ਜਿੱਤ ਦੱਸਦਿਆ ਇਸ ਨੂੰ ਮਜ਼ਦੂਰਾਂ ਦੇ ਜ਼ਖ਼ਮਾਂ ’ਤੇ ਮਲਮ ਲਗਾਉਣ ਦੀ ਬਜਾਏ ਲੂਣ ਛਿੜਕਣ ਵਾਲਾ ਐਲਾਨ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਸੂਬੇ ਦੀ ਮਾਨ ਸਰਕਾਰ ਇਸ ਔਖੀ ਘੜੀ ਵਿਚ ਮਜ਼ਦੂਰਾਂ ਦੀ ਮਦਦ ਕਰਨ ਦੀ ਬਜਾਏ ਇਕ ਦੂਜੇ ਨੂੰ ਮਿਹਣੇ ਦੇ ਕੇ ਲੋਕਾਂ ਦਾ ਧਿਆਨ ਅਸਲ ਮੁਦਿੱਆਂ ਤੋਂ ਭਟਕਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨਸਾਨੀ ਮੌਤਾਂ ਲਈ 25 ਲੱਖ,ਤਬਾਹ ਹੋਏ ਘਰਾਂ ਲਈ 15 ਲੱਖ, ਬਾਲੇ/ਗਾਡਰਾਂ ਵਾਲੀਆਂ ਛੱਤਾਂ ਬਦਲਣ ਲਈ 5 ਲੱਖ ਅਤੇ ਮਜ਼ਦੂਰਾਂ ਦੀਆਂ ਟੁੱਟੀਆਂ ਦਿਹਾੜੀਆਂ 50 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਉਕਤ ਮੰਗਾਂ ’ਤੇ ਗੌਰ ਨਾ ਕੀਤਾ ਤਾਂ ਉਨ੍ਹਾਂ ਦਾ ਮੋਰਚਾ ਆਉਣ ਵਾਲੇ ਦਿਨ੍ਹਾਂ ਵਿਚ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।