ਚਾਰ ਦਿਨਾਂ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ
ਪੰਜਾਬ ਰੋਡਵੇਜ਼, ਪਨਬਸ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਬੱਸਾਂ ਦੇ ਚੱਕਾ ਜਾਮ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਲੰਧਰ ਡਿਪੂ-1 ਦੇ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ ਕੱਲ੍ਹ ਸ਼ਾਮ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਗੱਲਬਾਤ ਦੌਰਾਨ ਸਰਕਾਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕਿਲੋਮੀਟਰ ਯੋਜਨਾ ’ਤੇ ਚਰਚਾ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਸਰਕਾਰ ਦਾ ਅਧਿਕਾਰ ਖੇਤਰ ਹੈ। ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਹੋਰ ਪ੍ਰਮੁੱਖ ਮੰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਦਰਸ਼ਨਾਂ ਦੌਰਾਨ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਅਤੇ ਜਿਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰੇ। ਹਾਲਾਂਕਿ ਸਰਕਾਰ ਨੇ ਅਜੇ ਤੱਕ ਇਸ ਮਾਮਲੇ ’ਤੇ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਚੰਨਣ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਕੋਈ ਸਥਾਈ ਹੱਲ ਨਾ ਕੱਢਿਆ ਤਾਂ ਹੜਤਾਲ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮ ਆਗੂਆਂ ਨੂੰ ਹਿਰਾਸਤ ਵਿਚੋਂ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਉਹ ਆਪਣੇ-ਆਪਣੇ ਡਿਪੂਆਂ ’ਤੇ ਪਹੁੰਚ ਨਹੀਂ ਜਾਂਦੇ, ਉਦੋਂ ਤੱਕ ਹੜਤਾਲ ਜਾਰੀ ਰੱਖੀ ਜਾਵੇਗੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਵੀ ਪੰਜਾਬ ਰੋਡਵੇਜ਼, ਪਨਬਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਨੇ ਹੜਤਾਲ ਨੂੰ ਖਤਮ ਨਹੀਂ ਕੀਤਾ। ਅੱਜ ਚੌਥੇ ਦਿਨ ਵੀ ਉਨ੍ਹਾਂ ਨੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਨੇ ਭਾਵੇਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ ਪਰ ਜਦੋਂ ਤੱਕ ਹਿਰਾਸਤ ਵਿਚ ਲਏ ਉਨ੍ਹਾਂ ਦੇ ਮਲਿਾਜ਼ਮਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਬਰਖਾਸਤ ਕੀਤੇ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਹ ਹਲਤਾਲ ਖਤਮ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਵੇਲੇ ਡੇਢ ਸੌ ਤੋਂ ਵੱਧ ਮੁਲਾਜ਼ਮ ਪੁਲੀਸ ਹਿਰਾਸਤ ਵਿਚ ਹਨ। ਮੰਤਰੀ ਦੇ ਭਰੋਸੇ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਦਾ ਪ੍ਰਧਾਨ ਵੀ ਅਜੇ ਤੱਕ ਹਿਰਾਸਤ ਵਿਚ ਹੈ।
ਪੱਟੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ
ਪੱਟੀ (ਬੇਅੰਤ ਸਿੰਘ ਸੰਧੂ): ਪੰਜਾਬ ਰੋਡਵੇਜ਼ ਡੀਪੂ ਪੱਟੀ ਦੇ ਪਨਬੱਸ ਵਰਕਰਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਰੱਖਦਿਆਂ ਹੜਤਾਲ ਨੂੰ ਜਾਰੀ ਰੱਖਿਆ ਗਿਆ। ਪੱਟੀ ਡਿਪੂ ਦੇ ਗੇਟ ਅੱਗੇ ਧਰਨਾ ਦਿੰਦਿਆਂ ਪ੍ਰਧਾਨ ਵਜ਼ੀਰ ਸਿੰਘ ਸਤਨਾਮ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਤੇ ਗੁਰਸੇਵਕ ਸਿੰਘ ਕੋਹਾੜ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਛੇਤੀ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਰਿਹਾਇਸ਼ ’ਤੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਯੂਨੀਅਨ ਦੇ ਆਗੂਆਂ ਨਾਲ ਫੈਸਲਾ ਹੋਇਆ ਸੀ ਕਿ ਬਰਖ਼ਾਸਤ ਮੁਲਾਜ਼ਮਾਂ ਨੂੰ ਤਰੁੰਤ ਬਹਾਲ ਕੀਤਾ ਜਾਵੇਗਾ ਪਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਵਿੱਚ ਪ੍ਰਾਈਵੇਟ ਟਰਾਂਸਪੋਰਟਰਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਪਾਉਣ ਜਾ ਰਹੀ ਹੈ ਜਿਸ ਦਾ ਟੈਂਡਰ ਚੱਲ ਰਿਹਾ ਹੈ ਪਰ ਕਿਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਸਿਰਫ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟਰ ਵਰਕਰ ਯੂਨੀਅਨ ਕਰ ਰਹੀ ਹੈ ਜੋ ਕਿ ਵਿਭਾਗ ਵਿੱਚ ਅਜੇ ਤੱਕ ਕੱਚੇ ਤੌਰ ’ਤੇ ਕੰਮ ਕਰ ਰਹੇ ਹਨ।
