ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇਥੇ ਸਰਕਟ ਹਾਊਸ ਵਿੱਚ ਜਲੰਧਰ ਇੰਪਰੂਵਮੈਂਟ ਟਰਸੱਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਹਲਕਾ ਇੰਚਾਰਜ ਨਿਤਿਨ ਕੋਹਲੀ, ‘ਆਪ’ ਆਗੂ ਦਿਨੇਸ਼ ਢੱਲ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਟੇਟ ਜੀਐੱਸਟੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਪਾਰੀ ਵਰਗ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਸ੍ਰੀ ਭਗਤ ਨੇ ਸਟੇਟ ਜੀਐੱਸਟੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਵਪਾਰੀਆਂ ਨੂੰ ਆਪਣੇ ਵਪਾਰ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਤੋਂ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਰਿਹਾ ਹੈ, ਜਿਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਵਪਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਸਹੂਲਤ ਅਤੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਜਲਦ ਹੀ ਵਪਾਰੀ ਵਰਗ ਦੇ ਮੁੱਦਿਆਂ ਦਾ ਢੁੱਕਵਾਂ ਹੱਲ ਕੱਢ ਕੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਵਪਾਰੀ ਵਰਗ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਹਰ ਪੱਧਰ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਕਾਰੋਬਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।