ਲਾਜਵੰਤ ਸਿੰਘ
ਨਵਾਂਸ਼ਹਿਰ, 10 ਜੂਨ
ਪੰਜਾਬ ਸਟੂਡੈਂਟਸ ਯੂਨੀਅਨ ਦੀ ਇਕਾਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਈਟੀਆਈ ਦੇ ਸਿਖਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਚੰਡੀਗੜ੍ਹ ਵਿੱਚ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਦੀ ਭਗਵੰਤ ਦੀ ਸਰਕਾਰ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਕਿਰਨਜੀਤ ਕੌਰ ਤੇ ਸੀਨੀਅਰ ਉੱਪ ਕਨਵੀਨਰ ਰਾਜੂ ਬਰਨਾਲਾ ਤੇ ਆਟੀਟੀਆਈ ਕਮੇਟੀ ਦੇ ਪ੍ਰਧਾਨ ਪ੍ਰਭਜੋਤ ਬਾਗੋਵਾਲ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਦੀ ਖਿੱਚ ਧੂਹ ਅਤੇ ਲਾਠੀਚਾਰਜ ਕਰ ਕੇ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਬੀ ਟੀਮ ਹੈੈ। ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਆਪਣਾ ਇਹ ਫ਼ੈਸਲਾ ਵਾਪਸ ਨਾ ਲਿਆ ਅਤੇ ਪੰਜਾਬ ਸਰਕਾਰ ਨੇ ਵੀ ਜੇਕਰ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ, ਆਉਣ ਵਾਲੇ ਦਿਨਾਂ ਦੇ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।
ਸ਼ਾਹਕੋਟ(ਪੱਤਰ ਪ੍ਰੇਰਕ): ਇਥੇ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੀਤੇ ਜਾ ਰਹੇ ਕੇਂਦਰੀਕਰਨ ਦੇ ਵਿਰੋਧ ਵਿੱਚ ਮੁਹਾਲੀ ਤੋਂ ਚੰਡੀਗੜ੍ਹ ਵੱਲ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਉੱਪਰ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਇਸ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਸਰਕਾਰ ਉੱਪਰ ਸਿੱਖਿਆ ਦਾ ਭਗਵਾ ਅਤੇ ਵਪਾਰੀਕਰਨ ਕਰਨ ਦਾ ਗੰਭੀਰ ਦੋਸ਼ ਲਗਾਇਆ।
ਵਿਦਿਆਰਥੀਆਂ ਦੀ ਖਿੱਚ-ਧੂਹ ਦੀ ਨਿਖੇਧੀ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਬੀਤੇ ਕੱਲ੍ਹ ਚੰਡੀਗੜ੍ਹ ’ਚ ਰਾਜ ਭਵਨ ਵੱਲ ਸ਼ਾਂਤੀ ਪੂਰਵਕ ਵਧ ਰਹੇ ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਲੜਕੀਆਂ ਵੀ ਸ਼ਾਮਲ ਸਨ, ’ਤੇ ਪੰਜਾਬ ਪੁਲੀਸ ਤੇ ਕਮਾਂਡੋਜ਼ ਵੱਲੋਂ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਹੁਕਮਾਂ ਤਹਿਤ ਕੀਤੇ ਲਾਠੀਚਾਰਜ ਤੇ ਖਿੱਚ-ਧੂਹ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ। ਅੱਜ ਇੱਥੋਂ ਜਾਰੀ ਸਾਂਝੇ ਬਿਆਨ ਰਾਹੀਂ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ, ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਅਤੇ ਵਿੱਤ ਸਕੱਤਰ ਹਰਮੀਤ ਸਿੰਘ ਦਾਊਦ ਨੇ ਕਿਹਾ ਕਿ ਮਰਦ ਪੁਲੀਸ ਮੁਲਾਜ਼ਮਾਂ ਵੱਲੋਂ ਵਿਦਿਆਰਥਣਾਂ ਨਾਲ ਕੀਤੇ ਗਏ ਦੁਰਵਿਵਹਾਰ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਉਕਤ ਪੁਲਸੀਆ ਕਾਰਵਾਈ ਇਸ ਤੱਥ ਦਾ ਮੂੰਹੋਂ ਬੋਲਦਾ ਸਬੂਤ ਹੈ ਕਿ ਪੰਜਾਬ ਦੀ ਵਰਤਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਨਿਆਂ ਪ੍ਰਾਪਤੀ ਲਈ ਉੱਠੀਆਂ ਹੱਕੀ ਆਵਾਜ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੇ ਜਾਬਰ ਹੱਥਕੰਡੇ ਅਪਣਾ ਰਹੀ ਹੈ।