ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਵਾਰਡ ਨੰਬਰ 41 ਵਿੱਚ ਗੁਰਦੁਆਰਾ ਮੀਰੀ ਪੀਰੀ ਸਾਹਿਬ ਨੂੰ ਜਾਣ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਵੀਂ ਸੜਕ ਦੇ ਨਿਰਮਾਣ ਨਾਲ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸੁਵਿਧਾ ਮਿਲੇਗੀ ਤੇ ਇਹ ਰਾਹ ਲੋਕਾਂ ਦੀ ਸੁਰੱਖਿਆ ਤੇ ਆਸਾਨ ਪਹੁੰਚ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਡਾ. ਨਿੱਝਰ ਨੇ ਕਿਹਾ ਕਿ ਸਰਕਾਰ ਤੇ ਉਨ੍ਹਾਂ ਦੀ ਲਗਾਤਾਰ ਕੋਸ਼ਿਸ਼ ਹੈ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੁਕੰਮਲ ਅਤੇ ਪੱਕਾ ਹੱਲ ਕੀਤਾ ਜਾਵੇ। ਇਸ ਲਈ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਲਕੇ ਦੀ ਹਰ ਗਲੀ, ਹਰ ਸੜਕ ਅਤੇ ਹਰ ਇਲਾਕੇ ਵਿੱਚ ਵਿਕਾਸ ਦੇ ਕੰਮ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰੇ ਕੀਤੇ ਜਾਣ। ਸ੍ਰੀ ਨਿੱਝਰ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਲਈ ਕੰਮ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਆਉਂਦੀ। ਉਨ੍ਹਾਂ ਅਧਿਕਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਉਹ ਜੀਅ ਜਾਨ ਨਾਲ ਕੰਮ ਕਰਨ ਪੈਸੇ ਜਾਂ ਹੋਰ ਸਾਧਨਾਂ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਵੀ ਕਹਿੰਦੇ ਹਨ ਕਰਕੇ ਵਿਖਾਉਂਦੇ ਹਨ, ਉਨ੍ਹਾਂਂ ਦੇ ਕੀਤੇ ਹੋਏ ਕੰਮ ਬੋਲਦੇ ਹਨ। ਸਾਰੇ ਸਥਾਨਕ ਵਾਸੀਆਂ ਨੇ ਇਸ ਪ੍ਰਾਜੈਕਟ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ।
ਵਿਧਾਇਕ ਅਜੈ ਗੁਪਤਾ ਵੱਲੋਂ ਸੜਕ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੈ ਗੁਪਤਾ ਨੇ ਫਤਿਹ ਸਿੰਘ ਕਲੋਨੀ ਤੇ ਭਾਰਾੜੀਵਾਲ ਖੇਤਰਾਂ ਵਿੱਚ ਸੜਕ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਬਣਾਉਣ ਲਈ ਉੱਚ-ਪੱਧਰੀ ਤਕਨਾਲੋਜੀ ਦੀ ਵਰਤੋਂ ਕਰਕੇ ਬਣਾਇਆ ਜਾ ਰਿਹਾ ਹੈ। ਫਤਹਿ ਸਿੰਘ ਕਲੋਨੀ ਵਿੱਚ ਸੜਕਾਂ 8 ਸਾਲ ਪਹਿਲਾਂ ਬਣਾਈਆਂ ਗਈਆਂ ਸਨ, ਪਰ ਉਨ੍ਹਾਂ ਵਿੱਚੋਂ ਜ਼ਿਆਦਾਤਰ ਟੁੱਟੀਆਂ ਹੋਈਆਂ ਸਨ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਖੇਤਰਾਂ ਵਿੱਚ ਸੜਕਾਂ ਨੂੰ ਬਣਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਸੜਕ ਮੁਰੰਮਤ ਦਾ ਕੰਮ ਇੱਕ ਮਹੀਨੇ ਤੱਕ ਜਾਰੀ ਰਹੇਗਾ। ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੋਈ ਵੀ ਸੜਕ ਅਧੂਰੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨੋਂ ਪੰਚਾਇਤਾਂ ਅਤੇ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਅਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।

