ਕਰੱਸ਼ਰ ਮਾਫੀਆ ਦੀ ਪੁਸ਼ਤ-ਪਨਾਹੀ ਕਰ ਰਹੀ ਹੈ ਸਰਕਾਰ: ਪਾਸਲਾ
ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਜੁਲਾਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਨੇ ਜ਼ਿਲ੍ਹੇ ਦੇ ਕਸਬਾ ਤਲਵਾੜਾ ਵਿੱਚ ਨਾਜਾਇਜ਼ ਖੁਦਾਈ ਅਤੇ ਖਣਨ ਮਾਫੀਆ ਵੱਲੋਂ ਕਰਵਾਏ ਜਾ ਰਹੇ ਸੰਘਰਸ਼ ਕਮੇਟੀ ਦੇ ਆਗੂਆਂ ’ਤੇ ਹਮਲੇ ਦੇ ਖ਼ਿਲਾਫ਼ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਲੋਕਾਂ ’ਤੇ ਪੁਲੀਸ ਵੱਲੋਂ ਕੀਤੇ ਲਾਠੀ ਚਾਰਜ ਤੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ।
ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਇਹ ਕਾਰਵਾਈ ਇਸ ਤੱਥ ਦਾ ਮੂੰਹ ਬੋਲਦਾ ਸਬੂਤ ਹੈ ਖਣਨ ਮਾਫੀਆ ਤੇ ਕਰੱਸ਼ਰ ਮਾਲਕਾਂ ਨੂੰ ਸੂਬੇ ਦੀ ਸਰਕਾਰ ਦੀ ਕਥਿਤ ਸਰਪ੍ਰਸਤੀ ਹਾਸਲ ਹੈ।
ਦੱਸਣਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੇ ਨਾਜਾਇਜ਼ ਖੁਦਾਈ ਅਤੇ ਕਰੱਸ਼ਰ ਮਾਲਕਾਂ ਖ਼ਿਲਾਫ਼ ਲੜ ਰਹੀ ‘ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ’ ਦੇ ਆਗੂਆਂ ’ਤੇ ਹਮਲਾ ਕੀਤਾ। ਸੰਘਰਸ਼ੀਆਂ ਦਾ ਕਹਿਣਾ ਹੈ ਕਿ ਤਲਵਾੜਾ ਪੁਲੀਸ ਪੀੜਤਾਂ ਦੇ ਬਿਆਨਾਂ ਅਤੇ ਲਿਖਤੀ ਸ਼ਿਕਾਇਤਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕਰ ਰਹੀ ਹੈ। ਸ਼ਾਂਤਮਈ ਸੰਘਰਸ਼ ਕਰਦੇ ਲੋਕਾਂ ਦਾ ਦੋਸ਼ ਹੈ ਕਿ ਪੁਲੀਸ ਤੇ ਪ੍ਰਸ਼ਾਸਨ ਵਿਧਾਇਕ ਦੇ ਕਥਿਤ ਇਸ਼ਾਰੇ ’ਤੇ ਨਾਜਾਇਜ ਖੁਦਾਈ ਅਤੇ ਮਾਫੀਆ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੇ।
ਕਾਮਰੇਡ ਪਾਸਲਾ, ਰੰਧਾਵਾ ਅਤੇ ਜਾਮਾਰਾਏ ਨੇ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਇਲਾਕਾ ਨਿਵਾਸੀਆਂ ਖ਼ਿਲਾਫ਼ ਦਰਜ ਕੀਤਾ ਕੇਸ ਬਿਨਾਂ ਦੇਰੀ ਖਾਰਜ ਕਰਨ ਦੀ ਮੰਗ ਕੀਤੀ ਹੈ।