ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਜੂਨ
ਗੌਰਮਿੰਟ ਟੀਚਰਜ਼ ਯੂਨੀਅਨ (ਜੀ.ਟੀ.ਯੂ) ਦੀ ਜ਼ਿਲ੍ਹਾ ਇਕਾਈ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜਨਰਲ ਸਕੱਤਰ ਜਸਵੀਰ ਤਲਵਾੜਾ ਦੀ ਅਗਵਾਈ ਹੇਠ ਹੋਈ। ਇਸ ਵਿਚ ਜਿੱਥੇ ਅਧਿਆਪਕ ਮਸਲਿਆਂ ’ਤੇ ਚਰਚਾ ਹੋਈ, ਉੱਥੇ ਕੇਂਦਰ ਸਰਕਾਰ ਵਲੋਂ ਫ਼ੌਜ ਵਿਚ ਬਹੁਤ ਘੱਟ ਸਮੇਂ ਲਈ ਲਾਗੂ ਕੀਤੀ ਜਾ ਰਹੀ ਅਗਨੀਪਥ ਯੋਜਨਾ ਦਾ ਵਿਰੋਧ ਵੀ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ’ਤੇ ਤੁਰੀ ਮੋਦੀ ਸਰਕਾਰ ਹੁਣ ਭਾਰਤੀ ਫੌਜ ਦਾ ਵੀ ਨਿੱਜੀਕਰਨ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਵਿਚ ਸ਼ਾਮਲ ਹੋਣਾ ਹਰੇਕ ਨੌਜਵਾਨ ਦਾ ਸੁਪਨਾ ਹੁੰਦਾ ਹੈ ਪਰ ਅਗਨੀਪਥ ਨਾਲ ਨੌਜਵਾਨਾਂ ਦਾ ਭਵਿੱਖ ਅਸੁਰੱਖਿਅਤ ਹੋਵੇਗਾ ਅਤੇ ਸੇਵਾਕਾਲ ਤੋਂ ਬਾਅਦ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਰੋਹ ਨੂੰ ਦੇਖਦਿਆਂ ਸਰਕਾਰ ਇਸ ਯੋਜਨਾ ਨੂੰ ਬਿਨਾਂ ਦੇਰੀ ਵਾਪਿਸ ਲਵੇ। ਇਸ ਮੌਕੇ ਵਿਕਾਸ ਸ਼ਰਮਾ, ਹਰਵਿੰਦਰ ਸਿੰਘ, ਲੈਕਚਰਾਰ ਅਮਰ ਸਿੰਘ, ਅਰਵਿੰਦਰ ਸਿੰਘ, ਹਰਜੀਤ ਸਿੰਘ ਆਦਿ ਸ਼ਾਮਲ ਸਨ।