ਸਰਕਾਰ ਖੇਡ ਢਾਂਚਾ ਮਜ਼ਬੂਤ ਕਰੇਗੀ: ਮੋਹਿੰਦਰ ਭਗਤ
ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ‘ਖੇਡਾਂ ਵਤਨ ਪੰਜਾਬ’ ਸੀਜ਼ਨ-4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕੀਤਾ ਗਿਆ ਤਾਂ ਕਿ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ...
ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ‘ਖੇਡਾਂ ਵਤਨ ਪੰਜਾਬ’ ਸੀਜ਼ਨ-4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕੀਤਾ ਗਿਆ ਤਾਂ ਕਿ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵਲੋਂ ਮਸ਼ਾਲ ਰੈਲੀ ਜੋ ਕਿ ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਜਲੰਧਰ ਪਹੁੰਚੀ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਦੇ ਖੇਤਰ ਲਈ 700 ਕਰੋੜ ਰੁਪਏ ਦਾ ਬਜਟ ਰੱਖ ਕੇ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਨੂੰ ਵੱਡਾ ਹੁਲਾਰਾ ਦੇਵੇਗਾ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੱਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ।

