ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਪਾਲ ਵੱਲੋਂ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਹੜ੍ਹ ਪੀੜਤਾਂਂ ਨਾਲ ਗੱਲਬਾਤ ਕੀਤੀ; ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ
ਰਾਜਪਾਲ ਗੁਲਾਬ ਚੰਦ ਕਟਾਰੀਆ ਰੜ੍ਹਾ ਪੁਲ ਦਾ ਜਾਇਜ਼ਾ ਲੈਂਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਰੜ੍ਹਾ ਪੁਲ ਦਾ ਨਿਰੀਖਣ ਕੀਤਾ ਅਤੇ ਧੁੱਸੀ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ਉਹ ਪਿੰਡ ਮਿਆਣੀ ਦੇ ਸਰਕਾਰੀ ਹਾਈ ਸਕੂਲ ਵਿੱਚ ਸਥਾਪਤ ਰਾਹਤ ਕੈਂਪ ਪਹੁੰਚੇ, ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਰਾਹਤ ਕਾਰਜਾਂ ਵਿੱਚ ਲੱਗੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੀ ਹੜ੍ਹਾਂ ਸਬੰਧੀ ਸਥਿਤੀ ਤੋਂ ਜਾਣੂ ਕਰਵਾਇਆ। ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ, ਪੰਜਾਬ ਅਤੇ ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਬਿਆਸ ਪੁਲ ਨੇੜੇ ਦੋਵੇਂ ਪਾਸੇ ਪੱਥਰਾਂ ਨੂੰ ਪਿੱਚ ਕਰਨ ਲਈ ਪ੍ਰਸਤਾਵ ਭੇਜਿਆ ਜਾਵੇਗਾ। ਰਾਜਪਾਲ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਘਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਦੇਣ ਲਈ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ ਪੀ ਸਿੰਘ, ਡੀਸੀ ਆਸ਼ਿਕਾ ਜੈਨ, ਐੱਸ.ਐੱਸ.ਪੀ ਸੰਦੀਪ ਕੁਮਾਰ ਮਲਿਕ, ਐੱਸਡੀਐੱਮ ਪਰਮਪ੍ਰੀਤ ਸਿੰਘ ਅਤੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਮੌਜੂਦ ਸਨ।

Advertisement

ਕਪੂਰਥਲਾ (ਜਸਬੀਰ ਸਿੰਘ ਚਾਨਾ): ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਭੁਲੱਥ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਹਾਜ਼ਰ ਸਨ। ਡਾ. ਚੱਬੇਵਾਲ ਨੇ ਸੰਗੋਜਲਾ, ਮਨਸੂਰਵਾਲ ਅਤੇ ਮੰਡ ਕੂਕਾ ਪਿੰਡਾਂ ਵਿੱਚ ਹੜ੍ਹ ਪੀੜਤ ਲੋਕਾਂ ਨਾਲ ਗੱਲਬਾਤ ਕੀਤਾ। ਐੱਸ.ਡੀ.ਓ. ਸੁਖਪਾਲ ਸਿੰਘ ਨੇ ਦੱਸਿਆ ਕਿ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਡਾ. ਚੱਬੇਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਹਤ ਕਾਰਜਾਂ ਨੂੰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਤੱਕ ਰਾਸ਼ਨ, ਖਾਣ-ਪੀਣ ਦੀ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਪਹੁੰਚਾਈਆਂ ਜਾਣ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਵਿੱਚ ਰਾਸ਼ਨ ਵੰਡਿਆ।

ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ ਸਰਕਾਰ: ਸੰਜੈ ਸਿੰਘ

ਰਮਦਾਸ (ਰਾਜਨ ਮਾਨ): ਰਾਜ ਸਭਾ ਮੈਂਬਰ ਸੰਜੈ ਸਿੰਘ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਹੜ੍ਹ ਪ੍ਰਭਾਵਿਤ ਖੇਤਰ ਰਮਦਾਸ ਦੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਸੰਕਟ ਦੇ ਇਸ ਸਮੇਂ ਸਰਕਾਰ ਵੱਲੋਂ ਦੁੱਖ ਵੰਡਾਉਣ ਲਈ ਪਹੁੰਚੇ ਅਤੇ ਪਿੰਡ ਘੋਨੇਵਾਲ ਤੇ ਆਸ ਪਾਸ ਦੇ ਪਿੰਡਾਂ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ। ਐੱਮਪੀ ਸੰਜੈ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਉਨ੍ਹਾਂ ਹੜ੍ਹ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਪਾਣੀ ਦਾ ਪੱਧਰ ਘਟਣ ਉਪਰੰਤ ਤੁਰੰਤ ਹੀ ਗਿਰਦਾਵਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਜਲਦ ਹੀ ਲੋਕਾਂ ਨੂੰ ਬਣਦਾ ਮੁਆਵਜਾ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਈਟੀਓ ਨੇ ਦੱਸਿਆ ਕਿ ਹੜ੍ਹਾਂ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦਾ ਬਹੁਤ ਜਿਆਦਾ ਨੁਕਸਾਨ ਹੋਇਆ ਹੈ, ਇੱਥੋਂ ਤੱਕ ਕਿ ਉਨ੍ਹਾਂ ਦੇ ਬਿਸਤਰੇ, ਕੱਪੜੇ ਤੱਕ ਨਹੀਂ ਬਚੇ। ਹਲਕਾ ਵਿਧਾਇਕ ਸ੍ਰੀ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪੀੜਤ ਪਰਿਵਾਰਾਂ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਮੁਖਵਿੰਦਰ ਸਿੰਘ ਵਿਰਦੀ, ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ, ਹਲਕਾ ਇੰਚਾਰਜ ਲੋਕ ਸਭਾ ਜਸਕਰਨ ਬੰਦੇਸ਼ਾ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

ਸਿਸੋਦੀਆ ਤੇ ਸ਼ੈਰੀ ਕਲਸੀ ਵੱਲੋਂ ਦੀਨਾਨਗਰ ’ਚ ਹਾਲਾਤ ਦਾ ਜਾਇਜ਼ਾ

ਦੀਨਾਨਗਰ (ਕੇ ਪੀ ਸਿੰਘ): ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਦੀਨਾਨਗਰ ਦੇ ਰਾਵੀ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਜ਼ਮੀਨ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਤੁਰੰਤ ਉਪਾਅ ਯਕੀਨੀ ਬਣਾਉਣ ਦੇ ਨਾਲ-ਨਾਲ ਲੰਬੇ ਸਮੇਂ ਦੇ ਹੱਲ ਤਿਆਰ ਕਰਨ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਜੀਤ ਸਿੰਘ ਅਤੇ ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਵੀ ਮੌਜੂਦ ਸਨ।

Advertisement
Show comments