ਪਾਲ ਸਿੰਘ ਨੌਲੀ
ਜਲੰਧਰ, 6 ਜਨਵਰੀ
ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਅੱਜ 19ਵੇਂ ਦਿਨ ਬਾਰਿਸ਼ ਅਤੇ ਖਰਾਬ ਮੌਸਮ ਦੇ ਬਾਵਜੂਦ ਵੀ ਜਾਰੀ ਰਿਹਾ। ਇਸ ਦੌਰਾਨ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਅਤੇ ਪੀਐੱਸਯੂ ਇਕਾਈ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਜਲੰਧਰ ਛਾਉਣੀ ਹਲਕੇ ਦੇ ਅੱਧੀ ਦਰਜਨ ਪਿੰਡਾਂ ਕਾਦੀਆਂਵਾਲੀ, ਜਗਰਾਲ, ਸਪਰਾਏ, ਚਾਨਣਪੁਰ, ਜਮਸ਼ੇਰ ਖਾਸ ਅਤੇ ਬੰਬੀਆਂਵਾਲੀ ਆਦਿ ਵਿੱਚ ਘੁੰਮ ਕੇ ਪਿੰਡਾਂ ਦੇ ਵਸਨੀਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਇਕੱਠਾ ਕਰ ਕੇ ਉਨ੍ਹਾਂ ਸਾਹਮਣੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਨੁੱਕੜ ਨਾਟਕ ਖੇਡੇ ਅਤੇ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਰਕਾਰ ਦੁਆਰਾ ਉਨ੍ਹਾਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਤੀਰੇ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਪਿਛਲੇ 19 ਸਾਲਾਂ ਤੋਂ ਉਹ ਸਰਕਾਰੀ ਕਾਲਜਾਂ ਵਿੱਚ ਪੜ੍ਹਾ ਰਹੇ ਹਨ ਅਤੇ ਹੁਣ ਸਰਕਾਰ ਉਨ੍ਹਾਂ ਨੂੰ ਨੌਕਰੀਆਂ ਦੇਣ ਦੀ ਥਾਂ ਬਾਹਰ ਕੱਢਣ ਜਾ ਰਹੀ ਹੈ ਜਿਸ ਕਾਰਨ ਉਹ ਪਿਛਲੇ ਲਗਪਗ 66 ਦਿਨਾਂ ਤੋਂ ਆਪਣੀਆਂ ਤਨਖਾਹਾਂ ਕਟਾ ਕੇ ਕਾਲਜਾਂ ਮੂਹਰੇ ਧਰਨੇ ’ਤੇ ਬੈਠੇ ਹੋਏ ਸਨ ਅਤੇ ਪਿਛਲੇ 19 ਦਿਨਾਂ ਤੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਅੱਗੇ ਦਿਨ ਰਾਤ ਦਾ ਪੱਕਾ ਮੋਰਚਾ ਲਾਈ ਬੈਠੇ ਹਨ।