ਲਾਜਵੰਤ ਸਿੰਘ/ਗੁਰਦੇਵ ਸਿੰਘ ਗਹੂੰਣ
ਨਵਾਂਸ਼ਹਿਰ/ ਬਲਾਚੌਰ, 12 ਜੁਲਾਈ
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਸਬ ਡਿਵੀਜ਼ਨ ਹਸਪਤਾਲ ਬਲਾਚੌਰ ਦਾ ਦੌਰਾ ਕੀਤਾ ਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਦੀ ਓ.ਪੀ.ਡੀ, ਆਈ.ਪੀ.ਡੀ., ਜਨਰਲ ਵਾਰਡ, ਜ਼ੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਓਟ ਸੈਂਟਰ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ।
ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ 15 ਅਗਸਤ ਨੂੰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਲੋੜਾਂ ਸਮਝਣ ਲਈ ਸੂਬੇ ਦੀਆਂ ਸਿਹਤ ਸੰਸਥਾਵਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਸਮੇਂ ਦੇ ਅਨੁਕੂਲ ਸਿਹਤ ਸੰਸਥਾਵਾਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।
ਇਸ ਦੌਰਾਨ ਸਿਹਤ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹਸਪਤਾਲਾਂ ਵਿਚ ਲੋੜੀਂਦੇ ਮੈਡੀਕਲ ਉਪਕਰਨ ਅਤੇ ਖਾਲੀ ਪਈਆਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਅਸਾਮੀਆਂ ਦਾ ਵੇਰਵਾ ਮੰਗਿਆ। ਮੰਤਰੀ ਨੇ ਹਸਪਤਾਲ ਪ੍ਰਬੰਧਕਾਂ ਨੂੰ 24 ਘੰਟੇ ਐਮਰਜੈਂਸੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਖਾਸ ਤੌਰ ’ਤੇ ਧਿਆਨ ਰੱਖਣ ਦੀ ਹਦਾਇਤ ਕੀਤੀ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਸਿਹਤ ਮੰਤਰੀ ਨੇ ਅੱਜ ਸਰਕਾਰੀ ਹਸਪਤਾਲ ਕਰਤਾਰਪੁਰ ਦਾ ਦੌਰਾ ਕੀਤਾ। ਇਸ ਮੌਕੇ ਹਲਕਾ ਵਿਧਾਇਕ ਸਾਬਕਾ ਪੁਲੀਸ ਅਧਿਕਾਰੀ ਬਲਕਾਰ ਸਿੰਘ ਨੇ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਸਰਕਾਰੀ ਹਸਪਤਾਲ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦੇ ਮੁਕਾਬਲੇ ਦਾ ਬਣਾਉਣ ਤੇ ਹਸਪਤਾਲ ਲਈ ਲੋੜੀਂਦੀ ਮਸ਼ੀਨਰੀ ਤੇ ਡਾਕਟਰਾਂ ਦੀ ਤਾਇਨਾਤੀ ਕਰਵਾਉਣ ਲਈ ਮੰਗ ਕੀਤੀ।
ਪੰਜਾਬ ਵਿੱਚ ਜਲਦ ਸਿਹਤ ਪਾਲਿਸੀ ਲਿਆਂਦੀ ਜਾਵੇਗੀ
ਆਦਮਪੁਰ ਦੋਆਬਾ (ਹਤਿੰਦਰ ਮਹਿਤਾ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਸਥਾਨਕ ਸਿਵਲ ਹਸਪਤਾਲ ਦੇ ਦੌਰੇ ਦੌਰਾ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੋਰ ਕੈਂਸਰ ਹਸਪਤਾਲ ਬਣਾਉਣ ਅਤੇ ਡਾਇਲਸਿਸ ਯੂਨਿਟ ਸਥਾਪਿਤ ਕਰਨ ਦੀ ਬੇਹੱਦ ਲੋੜ ਹੈ ਜਿਸ ਨੂੰ ਲੈਕੇ ਸਿਹਤ ਵਿਭਾਗ ਵਲੋਂ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਇੰਦਰਜੀਤ ਕੌਰ ਮਾਨ ਵੀ ਉਨ੍ਹਾਂ ਦੇ ਨਾਲ ਸਨ।