ਸਿਹਤ ਕਾਮਿਆਂ ਵੱਲੋਂ ਤਨਖ਼ਾਹਾਂ ਲਈ ਸੰਘਰਸ਼
ਨੈਸ਼ਨਲ ਹੈਲਥ ਮਿਸ਼ਨ (ਐੱਨ ਐੱਚ ਐੱਮ) ਮੁਲਾਜ਼ਮਾਂ ਦੀ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ, ਦੋ ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਅਤੇ ਪੰਜਾਬ ਸਰਕਾਰ ਨੂੰ ਜਗਾਉਣ ਲਈ ਪੰਜਾਬ ਭਰ ’ਚ ਕੀਤੀ ਜਾ ਰਹੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਜਿਸ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਵਿਭਾਗ ਦੀ ਹਰ ਤਰ੍ਹਾਂ ਦੀ ਆਨਲਾਈਨ ਤੇ ਆਫ਼ਲਾਈਨ ਰਿਪੋਰਟਿੰਗ , ਰੋਜ਼ਾਨਾ ਓ.ਪੀ.ਡੀ ਅਤੇ ਹੋਰ ਵਿਭਾਗੀ ਕੰਮਕਾਜ ਨੂੰ ਪੂਰੀ ਠੱਪ ਰੱਖਿਆ ਗਿਆ। ਯੂਨੀਅਨ ਦੇ ਸੀਨੀਅਰ ਆਗੂ ਤਰਨਜੀਤ ਕੁਮਾਰ ਨੇ ਕਿਹਾ ਕਿ ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਜਿੱਥੇ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਸਮੂਹ ਮੁਲਾਜ਼ਮ ਵਿਭਾਗ ਅਤੇ ਸਰਕਾਰ ਦੇ ਇਸ ਰਵੱਈਏ ਕਾਰਨ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਹੇ ਹਨ। ਸੱਤਾਂ ’ਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਨ ਵਾਲੀ ‘ਆਪ’ ਜਿੱਥੇ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਉੱਥੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਾ ਕਰਨ ਅਤੇ ਮੁੱਖ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ। ਮੁਲਾਜ਼ਮ ਆਗੂ ਰਾਮ ਸਿੰਘ ਕਪੂਰਥਲਾ ਤੇ ਜਸਵੀਰ ਸਿੰਘ ਤਰਨਤਾਰਨ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆ ਰੁਕੀਆਂ ਤਨਖਾਹਾਂ ਤੁਰੰਤ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
