ਅਰਬਨ ਆਯੂਸ਼ਮਾਨ ਆਰੋਗਿਆ ਕੇਂਦਰ ’ਚ ਹੈਲਪ ਡੈਸਕ ਲਾਇਆ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 28 ਫ਼ਰਵਰੀ
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਸੁਸਾਇਟੀ ਵੱਲੋਂ ਅਰਬਨ ਆਯੂਸ਼ਮਾਨ ਆਰੋਗਿਆ ਕੇਂਦਰ ਕਨਾਲ ਕਲੋਨੀ ਵਿੱਚ ਹੈਲਪ ਡੈਸਕ ਲਗਾ ਕੇ 88 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਹੈਲਪ ਡੈਸਕ ਮੌਕੇ ਮੈਡੀਕਲ ਅਫ਼ਸਰ ਡਾ. ਰੋਹਿਤ ਬਰੂਟਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਵੀ ਮੌਜੂਦ ਸਨ। ਡਾ. ਹਰਬੰਸ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹੇ ਭਰ ਵਿਚ ਵੱਖ-ਵੱਖ ਜਨਤਕ ਥਾਵਾਂ ’ਤੇ ਚਲਾਈ ਗਈ ਅਤੇ ਹੈਲਪ ਡੈਸਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਮੁੜ ਵਸੇਬਾ ਕੇਂਦਰ ਦੇ ਮੈਡੀਕਲ ਅਫ਼ਸਰ ਡਾ. ਮਹਿਮਾ ਮਿਨਹਾਸ ਨੇ ਵੀ ਲੋਕਾਂ ਨੂੰ ਨਸ਼ਾ ਮੁਕਤ ਜੀਵਨ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਮੈਨੇਜਰ ਨਿਸ਼ਾ ਰਾਣੀ ਅਤੇ ਕਾਊਂਸਲਰ ਪ੍ਰਸ਼ਾਂਤ ਆਦੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਏ.ਐੱਨ.ਐੱਮ. ਪਰਮਜੀਤ ਕੌਰ, ਗੁਰਵਿੰਦਰ ਕੌਰ, ਕਲੀਨਿਕਲ ਸਹਾਇਕ ਦੀਪਿਕਾ ਗਿੱਲ ਆਦੀਆ, ਫ਼ਾਰਮੇਸੀ ਅਫ਼ਸਰ ਦੀਪਕ ਕੁਮਾਰ ਆਦਿ ਵੀ ਮੌਜੂਦ ਸਨ।