ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ

ਪੇਸ਼ਕਾਰੀ ਦੇਖ ਕੇ ਭਾਵੁਕ ਹੋਏ ਲੋਕ; ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਕਰਮਬੀਰ ਸਿੰਘ ਘੁੰਮਣ ਤੇ ਹੋਰ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਹੁਸ਼ਿਆਰਪੁਰ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਦੇਖਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਕਰਮਬੀਰ ਸਿੰਘ ਘੁੰਮਣ ਤੇ ਹੋਰ।
Advertisement

ਸ੍ਰੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ’ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਇਥੇ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ ਵਿੱਚ ਕਰਵਾਇਆ ਗਿਆ। ਸ਼ੋਅ ਦੌਰਾਨ ਲੋਕ ਗੁਰੂ ਸਾਹਿਬ ਦੀ ਸ਼ਹਾਦਤ ਸਬੰਧੀ ਪੇਸ਼ਕਾਰੀ ਦੇਖ ਕੇ ਭਾਵੁਕ ਹੋ ਗਏ।

‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਸਮੇਤ ਦਿੱਲੀ ਦੇ ਚਾਂਦਨੀ ਚੌਕ ਵਿੱਚ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ ਆਦਿ ਨੇ ਸ਼ਿਰਕਤ ਕੀਤੀ। ਵਿਧਾਇਕ ਜਿੰਪਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਕ ਨਿਮਾਣੇ ਸੇਵਕ ਵਜੋਂ ਵੱਡੇ ਪੱਧਰ ’ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਜਿੱਥੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਿੱਚ ਵੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਸ੍ਰੀਨਗਰ ਤੋਂ ਚੱਲ ਕੇ 21 ਨਵੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ਹਰ ਜ਼ਿਲ੍ਹੇ ਵਿਚ ਪਹੁੰਚਣ ‘ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ।

Advertisement

Advertisement
Show comments