ਪੱਤਰ ਪ੍ਰੇਰਕ
ਆਦਮਪੁਰ ਦੋਆਬਾ(ਜਲੰਧਰ), 28 ਅਕਤੂਬਰ
ਇੱਥੇ ਅੱਜ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਦੀ ਰਾਖੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਬਲਾਕਾਂ ਦੇ 100 ਤੋਂ ਵੱਧ ਕਿਸਾਨਾਂ ਨੂੰ ‘ਵਾਤਾਵਰਨ ਦੇ ਰਖਵਾਲੇ’ ਵਜੋਂ ਸਨਮਾਨਿਤ ਕੀਤਾ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਨਮਾਨੇ ਗਏ ਕਿਸਾਨਾਂ ਨੇ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਵਾਤਾਵਰਨ ਦੀ ਸਾਂਭ-ਸੰਭਾਲ, ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ, ਮਿੱਤਰ ਕੀੜਿਆਂ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਰਾਲੀ ਨਾ ਸਾੜਨ ਦਾ ਅਹਿਦ ਲੈ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਈਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਆਦਮਪੁਰ, ਭੋਗਪੁਰ, ਜਲੰਧਰ, ਜਲੰਧਰ ਪੱਛਮੀ ਤੇ ਪੂਰਬੀ, ਲੋਹੀਆਂ, ਨਕੋਦਰ, ਨੂਰਮਹਿਲ, ਫਿਲੌਰ, ਰੁੜਕਾ ਕਲਾਂ ਅਤੇ ਸ਼ਾਹਕੋਟ ਦੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਖਵਾਲੇ’ ਪ੍ਰਸ਼ੰਸਾ ਪੱਤਰ ਵੰਡੇ।
ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੁਨੇਹੇ ‘ਪਰਾਲੀ ਨੂੰ ਅੱਗ ਨਾ ਲਾਓ, ਵਾਤਾਵਰਨ ਬਚਾਓ’ ਨੂੰ ਪਿੰਡ-ਪਿੰਡ, ਘਰ-ਘਰ ਪਹੁੰਚਾਈਏ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਹਵਾ ਦੀ ਕੁਆਲਿਟੀ ਦੇ ਪੱਧਰ (ਏਕਿਊਆਈ) ਵਿੱਚ ਪਿਛਲੇ ਸਾਲ ਨਾਲੋਂ ਸੁਧਾਰ ਹੋਇਆ ਹੈ ਕਿਉਂਕਿ 2021 ਵਿੱਚ ਇਹ ਅੰਕੜਾ 327 ਸੀ ਜੋ ਕਿ ਇਸ ਵਾਰ 225 ਹੈ। ਇਸ ਮੌਕੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਤੇ ਇੰਜਨੀਅਰ ਨਵਦੀਪ ਸਿੰਘ ਆਦਿ ਵੀ ਮੌਜੂਦ ਸਨ।