ਪੱਤਰ ਪ੍ਰੇਰਕ
ਸ਼ਾਹਕੋਟ, 26 ਅਗਸਤ
ਸ਼ਾਹਕੋਟ ਅਤੇ ਲੋਹੀਆਂ ਖਾਸ ਦੀ ਪੁਲੀਸ ਦੀ ਹਿਰਾਸਤ ਵਿੱਚੋਂ ਰਿਹਾਅ ਹੋਣ ਵਾਲੇ ਕਿਸਾਨ ਆਗੂਆਂ ਦਾ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ 16 ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਪੀੜਤਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਜਾਣਾ ਸੀ। ਉਸ ਧਰਨੇ ਨੂੰ ਅਸਫਲ ਬਣਾਉਣ ਲਈ 21 ਅਗਸਤ ਨੂੰ ਹੀ ਪੰਜਾਬ ਭਰ ਵਿੱਚ ਪੁਲੀਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਸੀ। ਸ਼ਾਹਕੋਟ ਅਤੇ ਲੋਹੀਆਂ ਖਾਸ ਦੀ ਪੁਲੀਸ ਨੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਜਲੰਧਰ ਦੇ ਅੱਠ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਸੀ। ਕਿਸਾਨ ਜਥੇਬੰਦੀਆਂ ਤੇ ਸਰਕਾਰ ਨਾਲ ਹੋਏ ਸਮਝੌਤੇ ਤੋਂ ਬਾਅਦ ਕਿਸਾਨਾਂ ਦੀਆਂ ਕਈ ਮੰਗਾਂ ਮੰਨੇ ਜਾਣ ਨਾਲ ਕਿਸਾਨਾਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੇ ਰਿਹਾਅ ਹੋਏ ਆਗੂਆਂ ਦਾ ਸਵਾਗਤ ਕਰਦੇ ਸਮੇਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕਿਸਾਨਾਂ ਦੀ ਦ੍ਰਿੜ੍ਹਤਾ, ਸਾਹਸ ਅਤੇ ਸੰਘਰਸ਼ਾਂ ’ਤੇ ਰੱਖੀ ਟੇਕ ਨੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 16 ਕਿਸਾਨ ਜਥੇਬੰਦੀਆਂ ਦੀ 4 ਸਤੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਹੈ ਤੇ ਇਸ ਮੀਟਿੰਗ ਵਿੱਚ ਨਿਕਲਣ ਵਾਲੇ ਸਿੱਟਿਆਂ ਤੋਂ ਬਾਅਦ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।