Hoshiarpur Bandh: ਵਾਲਮੀਕ ਸਮਾਜ ਵਲੋਂ 10 ਸਤੰਬਰ ਨੂੰ ਹੁਸ਼ਿਆਰਪੁਰ ਬੰਦ ਰੱਖਣ ਦਾ ਐਲਾਨ
ਡਾ. ਅੰਬੇਦਕਰ ਦੇ ਬੁੱਤ ਨਾਲ ਛੇੜਛਾੜ ਦਾ ਮਾਮਲਾ
Hoshiarpur bandh September 10: ਲੁਧਿਆਣਾ ਵਿਚ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਵਿਰੋਧ ਵਿਚ ਵਾਲਮੀਕ ਸਮਾਜ ਵਲੋਂ ਵੀਰਵਾਰ 10 ਸਤੰਬਰ ਨੂੰ ਹੁਸ਼ਿਆਰਪੁਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਲਮੀਕ ਆਗੂ ਰਿਸ਼ੂ ਆਦੀਆ, ਕਮਲ ਭੱਟੀ ਅਤੇ ਹੋਰਨਾਂ ਨੇ ਕਿਹਾ ਕਿ ਡਾ. ਅੰਬੇਦਕਰ ਦੇ ਅਪਮਾਨ ਨਾਲ ਸਮੁੱਚੇ ਦਲਿਤ ਭਾਈਚਾਰੇ ਵਿਚ ਰੋਸ ਲਹਿਰ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਇਸ ਤਰਾਂ ਦੀਆਂ ਘਟਨਾਵਾਂ ਵਾਪਰਨੀਆਂ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ’ਤੇ ਪ੍ਰਸ਼ਨ ਚਿੰਨ੍ਹ ਲਗਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਕ ਸਾਜਿਸ਼ ਤਹਿਤ ਜਾਣਬੁੱਝ ਕੇ ਅਜਿਹੀਆਂ ਵਾਰਦਾਤਾਂ ਕਰਵਾਈਆਂ ਜਾ ਰਹੀਆਂ ਹੋਣ ਤਾਂ ਜੋ ਸੂਬੇ ਦੇ ਹਾਲਾਤ ਖਰਾਬ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਰੇ ਬੰਦ ਰੱਖਣ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਬੰਦ ਵਿਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਦਾਰਾ, ਬੈਂਕ ਜਾਂ ਵਿਦਿਅਕ ਅਦਾਰਾ ਖੁੱਲ੍ਹਿਆ ਪਾਇਆ ਗਿਆ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਲਈ ਇਹ ਅਦਾਰੇ ਅਤੇ ਪ੍ਰਸ਼ਾਸਨ ਜਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾਣਗੀਆਂ। ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਹਰ ਤਰਾਂ ਦੀ ਆਵਾਜਾਈ ਬੰਦ ਕਰਵਾਈ ਜਾਵੇਗੀ।

