ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾਵਾਇਰਸ ਖ਼ਿਲਾਫ਼ ਵਿੱਢੀ ਮੁਹਿੰਮ ‘ਮਿਸ਼ਨ ਫ਼ਤਿਹ’ ਦੌਰਾਨ ਸ਼ੁਰੂ ਕੀਤੇ ਗਏ ਵਿਸ਼ੇਸ਼ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਪੁੱਛੋ’ ਦੌਰਾਨ ਅੱਜ ਹੁਸ਼ਿਆਰਪੁਰ ਦੇ ਲੋਕਾਂ ਨੇ ਵੀ ਸਵਾਲ ਪੁੱਛੇ। ਕੁਲਦੀਪ ਸਿੰਘ ਵੱਲੋਂ ਸੂਬੇ ਵਿਚ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਲੌਕਡਾਊਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਊਹ ਯਤਨ ਕਰ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਸਖ਼ਤੀ ਕੀਤੀ ਜਾਵੇ, ਪਰ ਫਿਲਹਾਲ ਸੂਬੇ ਵਿਚ ਸਿਰਫ਼ ਐਤਵਾਰ ਨੂੰ ਹੀ ਲੌਕਡਾਊਨ ਕੀਤਾ ਗਿਆ ਹੈ। ਅਨਿਲ ਭਾਰਦਵਾਜ ਵੱਲੋਂ ਹਿਮਾਚਲ ਪ੍ਰਦੇਸ਼ ’ਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਾ ਦੇਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਾਇਦ ਸਮਝ ਰਹੇ ਹਨ ਕਿ ਉਨ੍ਹਾਂ ਦੇ ਰਾਜ ਵਿਚ ਕੋਵਿਡ-19 ਦਾ ਫ਼ੈਲਾਅ ਵਧ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਟਰਾਂਸਪੋਰਟ ਤੇ ਹਿਮਾਚਲ ਆਉਣ ’ਤੇ ਪਾਬੰਦੀ ਲਗਾਈ ਹੋਈ ਹੈ।