Illegal Mining: ‘ਆਪ’ ਦੀ ਹਲਕਾ ਇੰਚਾਰਜ ਵੱਲੋਂ ਗ਼ੈਰ-ਕਾਨੂੰਨੀ ਖਣਨ ਦਾ ਜਾਇਜ਼ਾ
ਜਲਦੀ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ
ਪਿੰਡ ਸੋਢੋ ਵਿੱਚ ਕਥਿਤ ਗੈਰ-ਕਾਨੂੰਨੀ ਖਣਨ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਅਚਾਨਕ ਮੌਕੇ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਨਿਰੀਖਣ ਦੌਰਾਨ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਗੈਰ-ਕਾਨੂੰਨੀ ਖਣਨ ’ਤੇ ਡੂੰਘੀ ਚਿੰਤਾ ਤੇ ਰੋਹ ਦਾ ਪ੍ਰਗਟਾਵਾ ਕੀਤਾ।
ਲੋਕਾਂ ਨੇ ਦੱਸਿਆ ਕਿ ਇਹ ਕਥਿਤ ਖਣਨ ਲੰਬੇ ਸਮੇਂ ਤੋਂ ਚੱਲ ਰਹੀ ਹੈ ਜਿਸ ਕਾਰਨ ਪਿੰਡ ਦੇ ਵਾਤਾਵਰਨ ਉੱਤੇ ਬੁਰਾ ਅਸਰ ਪੈ ਰਿਹਾ ਹੈ। ਰੇਤਾ-ਬਜਰੀ ਨਾਲ ਭਰੇ ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਪਿੰਡ ਦੀਆਂ ਸੜਕਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਇਸ ਗੈਰ-ਕਾਨੂੰਨੀ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਨਿਰਪੱਖ ਜਾਂਚ ਮਗਰੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਬੀਬੀ ਲੋਹਟੀਆ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਹ ਮਾਮਲਾ ਤੁਰੰਤ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਦੂਜੇ ਪਾਸੇ ਇਸ ਇਲਾਕੇ ਵਿੱਚ ਖਣਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਅਤੇ ਮੌਜੂਦਾ ਹਲਕਾ ਇੰਚਾਰਜਾਂ ਵਿਚਕਾਰ ਵੀ ਠੰਢੀ ਜੰਗ ਚੱਲ ਰਹੀ ਹੈ। ਦੋਵੇਂ ਧਿਰਾਂ ਇੱਕ ਦੂਜੇ ਉੱਤੇ ਕਥਿਤ ਦੋਸ਼ ਲਗਾ ਚੁੱਕੀਆਂ ਹਨ। ਇੱਕ ਧਿਰ ਦਾ ਕਹਿਣਾ ਹੈ ਕਿ ਪਹਿਲਾਂ ਖਣਨ ਬਹੁਤ ਹੁੰਦੀ ਸੀ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਹੈ ਕਿ ਨਵੇਂ ਹਲਕਾ ਇੰਚਾਰਜ ਦੇ ਆਉਣ ਮਗਰੋਂ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਗੈਰ-ਕਾਨੂੰਨੀ ਖਣਨ ਅਚਾਨਕ ਵੱਧ ਗਈ ਹੈ।

