ਧਿਆਨ ਸਿੰਘ ਭਗਤ
ਕਪੂਰਥਲਾ, 10 ਮਾਰਚ
ਜ਼ਿਲ੍ਹਾ ਕਪੂਰਥਲਾ ’ਚ ਪੈਂਦੀਆਂ ਚਾਰ ਸੀਟਾਂ ’ਚੋਂ ਤਿੰਨ ਸੀਟਾਂ ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦੋਂ ਕਿ ਹਲਕਾ ਸੁਲਤਾਨਪੁਰ ਲੋਧੀ ਤੋਂ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਆਜ਼ਾਦ ਉਮੀਦਵਾਰ ਵਜੋਂ ਜੇਤੂ ਰਿਹਾ ਹੈ।
ਰਿਟਰਨਿੰਗ ਅਫ਼ਸਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹਲਕਾ ਫਗਵਾੜਾ (ਐੱਸਸੀ ਰਿਜ਼ਰਵ) ਤੋਂ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ ਜੇਤੂ ਰਹੇ। ਉਨ੍ਹਾਂ ਦੇ ਨੇੜਲੇ ਵਿਰੋਧੀ ‘ਆਪ’ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ 34392 ਵੋਟਾਂ ਮਿਲੀਆਂ ਜਦੋਂ ਕਿ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗੜ੍ਹੀ ਨੂੰ 31130 ਵੋਟਾਂ ਮਿਲੀਆਂ। ਭਾਜਪਾ ਦੇ ਵਿਜੈ ਸਾਂਪਲਾ ਨੂੰ 15408 ਵੋਟਾਂ ਪ੍ਰਾਪਤ ਹੋਈਆਂ। ਵਿਧਾਨ ਸਭਾ ਹਲਕਾ ਭੁਲੱਥ 26 ਤੋਂ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ 37089 ਵੋਟਾਂ ਲੈ ਕੇ ਜੇਤੂ ਰਹੇ। ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ 41125 ਵੋਟਾਂ ਲੈ ਕੇ ਜੇਤੂ ਰਹੇ। ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਪਾਰਟੀ ਦੇ ਰਾਣਾ ਗੁਰਜੀਤ ਸਿੰਘ 43752 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ।