ਗੁਰਦੇਵ ਸਿੰਘ ਗਹੂੰਣ
ਬਲਾਚੌਰ, 4 ਅਕਤੂਬਰ
ਅਨਾਜ ਮੰਡੀ ਬਲਾਚੌਰ ਵਿੱਚ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਝੋਨੇ ਦੀ ਸਰਕਾਰੀ ਖਰੀਦ ਆਰੰਭ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੀ ਮੁੱਖ ਮੰਡੀ ਬਲਾਚੌਰ ਸਮੇਤ ਸਾਰੀਆਂ ਮੰਡੀਆਂ ਅਤੇ ਫੋਕਲ ਪੁਆਇੰਟਾਂ ’ਤੇ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ ਅਤੇ ਸਕੱਤਰ ਸੁਰਿੰਦਰ ਪਾਲ ਨੇ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ। ਇਸ ਮੌਕੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਨਾਲ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਟਿੰਕੂ ਘਈ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਜਿੰਦਰ ਸਿੰਘ ਛਿੰਦੀ, ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲ ਹਾਜ਼ਰ ਸਨ।
ਅਟਾਰੀ (ਦਿਲਬਾਗ ਸਿੰਘ ਗਿੱਲ): ਇੱਥੇ ਅੱਜ ਦਾਣਾ ਮੰਡੀ ਅਟਾਰੀ ਵਿੱਚ ਹਲਕਾ ਵਿਧਾਇਕ ਤਰਸੇਮ ਸਿੰਘ ਡੀਸੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਪੰਜਾਬ ਸਟੇਟ ਵੇਅਰ ਹਾਊਸ ਖ਼ਰੀਦ ਏਜੰਸੀ ਦੇ ਇੰਸਪੈਕਟਰ ਦਿਲਬਾਗ ਸਿੰਘ ਕਲਿਆਣ ਵੱਲੋਂ ਝੋਨੇ ਦੀ ਪਹਿਲੀ ਢੇਰੀ ਦੀ ਖ਼ਰੀਦ ਕੀਤੀ। ਸ੍ਰੀ ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਰਾਜ਼ੇਸ਼ ਸ਼ਰਮਾ ਐੱਸਡੀਐੱਮ ਅੰਮ੍ਰਿਤਸਰ-2 ਤੋਂ ਇਲਾਵਾ ਮਾਰਕੀਟ ਕਮੇਟੀ ਅਟਾਰੀ ਦੇ ਚੇਅਰਮੈਨ ਨਿਰਵੈਲ ਸਿੰਘ, ਉਪ ਚੇਅਰਮੈਨ ਨਿਸ਼ਾਨ ਸਿੰਘ, ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਅਜੀਤ ਸਿੰਘ, ਬਲਵਿੰਦਰ ਸਿੰਘ ਸਿੱਧੂ, ਬਲਰਾਜ ਸਿੰਘ, ਆੜਤੀ ਯੂਨੀਅਨ ਅਟਾਰੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ, ਆੜਤੀ ਸੋਨੀ, ਜਸਬੀਰ ਸਿੰਘ ਸੰਧੂ ਲੱਧੇਵਾਲ, ਪਰਮਜੀਤ ਸਿੰਘ ਡੱਲੇਕੇ ਹਾਜ਼ਰ ਸਨ।