ਹਤਿੰਦਰ ਮਹਿਤਾ
ਆਦਮਪੁਰ ਦੋਆਬਾ (ਜਲੰਧਰ), 12 ਸਤੰਬਰ
ਪ੍ਰਾਈਵੇਟ ਕਾਲਜ ਨਾਨ ਟੀਚਿੰਗ ਐਂਪਲਾਈਜ਼ ਯੂਨੀਅਨ ਦੀ ਮੀਟਿੰਗ ਅੱਜ ਇੱਥੇ ਐੱਸਡੀ ਕਾਲਜ ਦੇ ਕਾਲਜੀਏਟ ਸਕੂਲ ਵਿੱਚ ਪ੍ਰਧਾਨ ਮਨਦੀਪ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਿੱਦਿਆ ਦੇ ਮੰਦਰਾਂ ਦੀ ਪ੍ਰਤੀ ਅਪਣਾਏ ਮਾੜੇ ਰੁਖ ਕਾਰਨ ਤਨਖਾਹ ਦੀਆਂ ਗ੍ਰਾਟਾਂ ਵਿੱਚ ਦੇਰੀ ਕਰਨ, ਐੱਸਸੀ ਸਕਾਲਰਸ਼ਿੱਪ ਦੀ ਰਾਸ਼ੀ ਜਾਰੀ ਕਰਨ ਵਿੱਚ ਟਾਲ ਮਟੋਲ ਕਰਨ ਦੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਇਸ ਮੌਕੇ ਜਾਣਾਕਾਰੀ ਦਿੰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕਈ ਮੰਗ ਪੱਤਰ ਦਿੱਤੇ ਗਏ ਪਰ ਕਿਸੇ ਦਾ ਅਜੇ ਤੱਕ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਈ ਵਾਰ ਮਿਲ ਚੁੱਕੇ ਹਨ ਤੇ ਉਨ੍ਹਾਂ ਨੇ ਯੂਨੀਅਨ ਦੀਆਂ ਮੰਗਾਂ ਛੇਤੀ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਇੱਕ ਵੀ ਮੰਗ ਮੰਨੀ ਨਹੀਂ ਗਈ।
ਇਸ ਕਾਰਨ ਉਨ੍ਹਾਂ ਨੇ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਛੇਤੀ ਨਾ ਮੰਨੀਆਂ ਤਾਂ ਉਹ ਸੜਕਾਂ ’ਤੇ ਆ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਵਾ ਕਰਨਗੇ। ਇਸ ਮੌਕੇ ਵਿਵੇਕ ਮਾਰਕੰਡਾ, ਪਰਵੀਨ ਹਾਂਡਾ, ਰਜਿੰਦਰ ਕੁਮਾਰ, ਬਲਵੀਰ ਬੇਦੀ, ਕੁਲਦੀਪ ਸ਼ਰਮਾ ਤੇ ਹੋਰਨਾਂ ਨੇ ਸਰਕਾਰ ਵਿਰੱੁਧ ਨਾਅਰੇਬਾਜ਼ੀ ਵੀ ਕੀਤੀ।