ਡੀ ਸੀ ਨੇ ਸੜਕਾਂ ਦੇ ਨਿਰਮਾਣ ਦਾ ਜਾਇਜ਼ਾ ਲਿਆ
ਪੰਜਾਬ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ ਦੇ ਚੱਲ ਰਹੇ ਕੰਮ ਦਾ ਅੱਜ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਪੰਚਾਲ ਵੱਲੋਂ ਹਰਦਾਸਪੁਰਾ-ਫਗਵਾੜਾ ਲਿੰਕ ਸੜਕ ਦੇ ਕੰਮ ਦੀ ਸਮੀਖਿਆ ਕੀਤੀ ਗਈ ਤੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਭਰ ’ਚ ਸੜਕਾਂ ਦੀ ਨਿਰਮਾਣ ਤੇ ਨਵੀਨੀਕਰਨ ਕਰਨ ਦੇ ਕੰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਖੁਦ ਮੌਕੇ ’ਤੇ ਜਾ ਕੇ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ’ਚ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਵੱਖ -ਵੱਖ ਨਵੀਆਂ ਉਸਾਰੀਆਂ ਜਾ ਰਹੀਆਂ ਸੜਕਾਂ ਦੇ ਕੰਮ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਲੋਕ ਨਿਰਮਾਣ ਵਿਭਾਗ ਤੇ ਮੰਡੀ ਬੋਰਡ ਵੱਲੋਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ’ਚ ਇਸ ਕਮੇਟੀ ਦੀ ਅਗਵਾਈ ਸਬੰਧਤ ਐੱਸ ਡੀ ਐੱਮਜ਼ ਕਰਨਗੇ ਜਦਕਿ ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਤੇ ਸਬੰਧਤ ਬੀ ਡੀ ਪੀ ਓ ਇਸ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ’ਚ ਸਬੰਧਤ ਨਿਗਮ ਕਮਿਸ਼ਨਰ ਨੂੰ ਨਿਗਰਾਨ ਕਮੇਟੀ ਦਾ ਮੁਖੀ ਨਾਮਜ਼ਦ ਕੀਤਾ ਗਿਆ ਹੈ। ਇਸ ’ਚ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਵੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕਾਲਾਸੰਘਿਆ-ਕਪੂਰਥਲਾ ਨੇੜੇ ਗੁਰਦੁਆਰਾ ਟਾਵੀਂ ਸਾਹਿਬ ਸੜਕ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਐੱਸ ਡੀ ਐੱਮ ਭੁਲੱਥ ਡੈਵੀ ਗੋਇਲ਼ ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਵਿਸ਼ਾਲ ਜੰਗਰਾਲ ਵੱਲੋਂ ਨਡਾਲਾ-ਭੁਲੱਥ ਸੜਕ ਦੇ ਕੰਮ ਦਾ ਨਿਰੀਖਣ ਕੀਤਾ ਗਿਆ।
