ਸਿਵਲ ਸਰਜਨ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਦਾ ਨਿਰੀਖਣ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 30 ਅਗਸਤ
ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਜਸਪ੍ਰੀਤ ਕੌਰ ਵਲੋਂ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਅਚਨਚੇਤੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਵੀ ਉਨ੍ਹਾਂ ਨਾਲ ਸਨ। ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੀ ਓ.ਪੀ.ਡੀ., ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਓਟ ਸੈਂਟਰ ਸਮੇਤ ਵੱਖ-ਵੱਖ ਵਾਰਡਾਂ ਵਿਖੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਮੈਡੀਕਲ ਸਾਜੋ-ਸਾਮਾਨ ਦੀ ਚੈਕਿੰਗ ਵੀ ਕੀਤੀ। ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਸਾਰੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਹਸਪਤਾਲ ਵਿੱਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ।
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਇਸ ਮੌਕੇ ਡਾ. ਪ੍ਰਿਅੰਕਾ, ਅਪਥਲਮਿਕ ਅਫਸਰ ਹਰਜਿੰਦਰ ਸਿੰਘ ਨਾਗਰਾ, ਜੋਗਿੰਦਰ ਦਾਸ ਅਤੇ ਬੀਈਈ ਨਿਰਮਲ ਸਿੰਘ ਵੀ ਮੌਜੂਦ ਸਨ।