ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 14 ਸਤੰਬਰ
ਬਲਾਚੌਰ ਸਬ ਡਵੀਜ਼ਨ ਦੇ ਪਿੰਡ ਰੱਤੇਵਾਲ ਦਾ ਅਚਨਚੇਤ ਦੌਰਾ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਖਣਨ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗ਼ੈਰਕਾਨੂੰਨੀ ਖਣਨ ਕਰਨ ਵਾਲਿਆਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡੀਸੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰੱਤੇਵਾਲ ਵਿੱਚ ਸਿਰਫ ਇੱਕ ਮਾਈਨਿੰਗ ਸਾਈਟ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਇਲਾਵਾ ਮਾਈਨਰ ਮਿਨਰਲ ਨਿਯਮਾਂ ਅਨੁਸਾਰ ਕੋਈ ਵੀ ਖਣਨ ਸਰਗਰਮ ਗ਼ੈਰਕਾਨੂੰਨੀ ਮੰਨੀ ਜਾਵੇਗੀ।ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਮੀਡੀਆ ਦੇ ਇੱਕ ਹਿੱਸੇ ਨੇ ਰੱਤੇਵਾਲ ਖੇਤਰ ਵਿੱਚ ਮਾਈਨਿੰਗ ਗਤੀਵਿਧੀ ਦਾ ਮਾਮਲਾ ਸਾਹਮਣੇ ਰੱਖਿਆ ਸੀ ਪਰ ਇਸ ਮਾਮਲੇ ਦੀ ਜਾਂਚ ਕਰਨ ’ਤੇ ਇਹ ਖਾਣ 1 ਅਕਤੂਬਰ 2022 ਤੱਕ ਕਾਨੂੰਨੀ ਪਰਮਿਟ ਦੀ ਵੈਧਤਾ ਵਾਲੀ ਪਾਈ ਗਈ।
ਰੰਧਾਵਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਇਹ ਜਾਂਚ ਕੀਤੀ ਕਿ ਉਕਤ ਸਾਈਟ ਤੋਂ ਇਲਾਵਾ ਕਿਸੇ ਹੋਰ ਥਾਂ ਵੀ ਖਣਨ ਹੋ ਰਿਹਾ ਹੈ ਜਾਂ ਨਹੀਂ। ਇਹ ਪਤਾ ਲੱਗਾ ਹੈ ਕਿ ਮੀਡੀਆ ਦੁਆਰਾ ਰਿਪੋਰਟ ਕੀਤੇ ਜਾਣ ਤੋਂ ਇਲਾਵਾ ਇੱਕ ਵੱਖਰੀ ਥਾਂ ’ਤੇ ਮਾਈਨਿੰਗ ਗਤੀਵਿਧੀਆਂ ਦੇ ਸੰਕੇਤ ਸਨ। ਡੀਸੀ ਮੁਤਾਬਕ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਉਥੇ ਮੌਜੂਦ ਮਾਈਨਿੰਗ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨੂੰ ਜ਼ਮੀਨ ਦੇ ਮਾਲਕਾਂ ਵਿਰੁੱਧ ਗ਼ੈਰਕਾਨੂੰਨੀ ਮਾਈਨਿੰਗ ਗਤੀਵਿਧੀਆਂ ਤਹਿਤ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ। ਸਹਾਇਕ ਮਾਈਨਿੰਗ ਅਫ਼ਸਰ ਜਗਨੰਦਨ ਸਿੰਘ ਨੇ ਦੱਸਿਆ ਕਿ ਡੀਸੀ ਨੇ ਪੜਤਾਲ ਕੀਤੀ ਜ਼ਮੀਨ ਦਾ ਮਾਲ ਰਿਕਾਰਡ ਹਾਸਲ ਕਰ ਲਿਆ ਗਿਆ ਹੈ ਅਤੇ ਐੱਫਆਈਆਰ ਦਰਜ ਕਰਨ ਤੋਂ ਪਹਿਲਾਂ ਜ਼ਮੀਨ ਮਾਲਕਾਂ ਨੂੰ ਨੋਟਿਸ ਦੇ ਕੇ ਜ਼ਮੀਨ ਦੀ ਮੁੱਢਲੀ ਪੈਮਾਇਸ਼ ਕੀਤੀ ਜਾਵੇਗੀ। ਡੀਸੀ ਨੇ ਚਿਤਾਵਨੀ ਦਿੱਤੀ ਕਿ ਗ਼ੈਰਕਾਨੂੰਨੀ ਖਣਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਮਾਈਨਿੰਗ ਅਧਿਕਾਰੀਆਂ ਆਪੋ-ਆਪਣੇ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਾਰੀਆਂ ਥਾਵਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ।