ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ: ਮੋਹਿੰਦਰ ਭਗਤ
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਡਾ. ਅੰਬੇਡਕਰ ਨੂੰ ਮਹਾਨ ਦੂਰਦਰਸ਼ੀ ਦੱਸਦਿਆਂ ਕੈਬਨਿਟ ਮੰਤਰੀ, ਚੇਅਰਮੈਨਾਂ ਅਤੇ ਮੇਅਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਦੂਰਅੰਦੇਸ਼ੀ ਸੀ ਜਿਸ ਨੇ ਭਾਰਤ ਨੂੰ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਸੰਵਿਧਾਨ ਦਿੱਤਾ, ਜੋ ਹਰ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ ਦੀ ਰੱਖਿਆ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਦੇਣਾ ਇੱਕ ਹੋਰ ਇਤਿਹਾਸਕ ਮੀਲ ਪੱਥਰ ਸੀ, ਜਿਸ ਨੇ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲਣ ਤੋਂ ਬਾਅਦ ਸਾਰੇ ਭਾਰਤੀਆਂ ਨੂੰ ਸਸ਼ਕਤ ਬਣਾਇਆ।
ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਅਜਿਹੇ ਸੰਵਿਧਾਨ ਦਾ ਨਿਰਮਾਣ ਕੀਤਾ, ਜੋ ਸਮਾਜ ਦੇ ਹਰ ਵਰਗ ਨੂੰ ਅਪਣਾਉਂਦਾ ਹੈ ਅਤੇ ਸਦਭਾਵਨਾ, ਭਾਈਚਾਰਾ ਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ ਅਨੁਸਾਰ ਜੀਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
