ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਸਤੰਬਰ
ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਅਧਿਕਾਰੀਆਂ ਨੂੰ ਵੀਰਵਾਰ ਨੂੰ ਪਟਵਾਰੀਆਂ ਤੇ ਕਾਨੂੰਨਗੋਆਂ ਦੇ ਕੰਮਕਾਜ ਦੇ ਨਿਯਮਿਤ ਨਿਰੀਖਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਏਡੀਸੀ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਕਿਹਾ ਕਿ ਪਟਵਾਰੀਆਂ ਤੇ ਕਾਨੂੰਨਗੋਆਂ ਦੇ ਕੰਮਕਾਜ ਦਾ ਨਿਯਮਿਤ ਨਿਰੀਖਣ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮਾਲ ਵਿਭਾਗ ਸਬੰਧੀ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹੇ ’ਚ ਕੀਤੇ ਗਏ ਇੰਤਕਾਲਾਂ ਬਾਰੇ ਜਾਣਕਾਰੀ ਦਿੰਦਿਆਂ ਅਮਿਤ ਸਰੀਨ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲ ਅਤੇ ਸਭ ਤੋਂ ਘੱਟ ਪੈਂਡੇਸੀ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ 1,17564 ਇੰਤਕਾਲ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੇਵਲ 2187 ਇੰਤਕਾਲ ਬਕਾਇਆ ਹਨ, ਜੋ ਕਿ ਕੁਲ ਕੇਸਾਂ ਦਾ 1.86 ਫੀਸਦੀ ਬਣਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਸਰਕਾਰ ਦੇ ਮਾਲੀਏ ਵਿੱਚ ਵਾਧਾ ਲਈ ਰਿਕਵਰੀਆਂ ਕਰਨ ਦੀ ਹਦਾਇਤ ਵੀ ਕੀਤੀ।