ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਸਾਡੀ ਜ਼ਿੰਮੇਵਾਰੀ: ਡਾ. ਰਵਜੋਤ ਸਿੰਘ
ਪੰਜਾਬ ਸਰਕਾਰ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ, ਕਾਲਕਟ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਬਦਲ ਕੇ ਹੁਣ ਸ਼ਹੀਦ ਲਾਂਸ ਨਾਇਕ ਸੁਖਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕਾਲਕਟ ਰੱਖ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸੂਬੇ ਦੇ ਬਹਾਦਰ ਸਪੂਤਾਂ ਨੂੰ ਸਨਮਾਨਿਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ ਤੋਂ ਪ੍ਰੇਰਨਾ ਲੈਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਲਾਂਸ ਨਾਇਕ ਸੁਖਪਾਲ ਸਿੰਘ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅਜਿਹੇ ਨਾਇਕਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਜਨਤਕ ਸੰਸਥਾਵਾਂ ਦਾ ਨਾਮ ਉਨ੍ਹਾਂ ਦੇ ਨਾਮ ’ਤੇ ਰੱਖਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖੀਏ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਪ੍ਰਤੀ ਸਮਰਪਣ ਅਤੇ ਫਰਜ਼ ਦੀ ਭਾਵਨਾ ਸਿਖਾਉਣਾ ਵੀ ਜ਼ਰੂਰੀ ਹੈ। ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂ 'ਤੇ ਰੱਖਣ ਨਾਲ ਬੱਚਿਆਂ ਵਿਚ ਬਹਾਦਰੀ, ਹਿੰਮਤ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਵਿਕਸਿਤ ਹੁੰਦੀਆਂ ਹਨ।