ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਮਾਰਚ
ਜ਼ਿਲ੍ਹਾ ਜਲੰਧਰ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ‘ਜ਼ੀਰੋ ਪੈਂਡੈਂਸੀ’ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਪ੍ਰਾਪਤੀ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਨੇ ਕਦੇ ਵੀ ਇਹ ਰੁਤਬਾ ਪਹਿਲਾਂ ਪ੍ਰਾਪਤ ਨਹੀਂ ਕੀਤਾ ਅਤੇ ਇਹ ਬਹੁਤ ਮਾਣ ਦੀ ਗੱਲ ਹੈ ਕਿ ਸਾਡੇ ਅਣਥੱਕ ਯਤਨ ਸਫ਼ਲ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਜ਼ਿਲ੍ਹੇ ਵਿੱਚ ਕੁੱਲ 2,12,718 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਇਸ ਵੇਲੇ ਕੁਝ ਹੀ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ। ਸ੍ਰੀ ਥੋਰੀ ਨੇ ਕਿਹਾ ਕਿ ਜੇ ਕੋਈ ਅਰਜ਼ੀ ਪੈਂਡਿੰਗ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਜਾਂਦਾ ਹੈ। ਨੋਡਲ ਅਧਿਕਾਰੀ ਸੁਚੇਤ ਹੋ ਜਾਂਦੇ ਹਨ ਅਤੇ ਬਿਨਾਂ ਦੇਰੀ ਤੋਂ ਬਿਨੈ-ਪੱਤਰ ’ਤੇ ਕਾਰਵਾਈ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਫੇਸਬੁੱਕ ਪੇਜ, ਈਮੇਲਾਂ ਅਤੇ ਹੈਲਪਲਾਈਨ ਨੰਬਰ ’ਤੇ ਨਾਗਰਿਕਾਂ ਦੀ ਸ਼ਿਕਾਇਤ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਰਿਕਾਰਡ ਹੋਣ ਦੇ 24 ਘੰਟਿਆਂ ਦੇ ਅੰਦਰ ਮਸਲਿਆਂ ਨੂੰ ਹੱਲ ਕਰਨ ਲਈ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ।