ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਸਤੰਬਰ
ਜ਼ਿਲ੍ਹੇ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿੱਚ ਦੇਸ਼ ਦੇ ਸਿਖਰਲੇ ਸੂਬਿਆਂ ਦੀ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਲਿਆ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ, ਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਘਰਾਂ ਵਿੱਚ ਸਾਫ਼ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿੱਚੋਂ 9 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ ਅਤੇ ਜਲੰਧਰ ਨੇ ਇਨ੍ਹਾਂ 9 ਜ਼ਿਲ੍ਹਿਆਂ ਦੀ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਿਲੱਖਣ ਪ੍ਰਾਪਤੀ ਲਈ ਪੰਜਾਬ ਦੇ ਦੋ ਹੋਰ ਜ਼ਿਲ੍ਹੇ ਫਰੀਦਕੋਟ ਅਤੇ ਮਾਲੇਰਕੋਟਲਾ ਵੀ ਇਸ ਸੂਚੀ ’ਚ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਦੇ 2 ਲੱਖ 23 ਹਜ਼ਾਰ 400 ਪੇਂਡੂ ਘਰਾਂ ਦੀ 11 ਲੱਖ 12 ਹਜ਼ਾਰ ਵਸੋਂ ਨੂੰ ਪਾਈਪਾਂ ਰਾਹੀਂ ਟੂਟੀ ਜ਼ਰੀਏ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਿਸ ਸਦਕਾ ਕੌਮੀ ਪੱਧਰ ’ਤੇ ਸਨਮਾਨ ਮਿਲਿਆ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਤਹਿਤ ਅਸੀਂ ਸੂਬੇ ਦੇ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਚੁੱਕੇ ਹਾਂ ਅਤੇ 11 ਹਜ਼ਾਰ 933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ’ਚ ਕੁੱਲ 960 ਇਲਾਕੇ ਹਨ, ਜਿੱਥੇ 2 ਲੱਖ 23 ਹਜ਼ਾਰ 400 ਪੇਂਡੂ ਘਰਾਂ ਨੂੰ ਟੂਟੀ ਵਾਲੇ ਪਾਣੀ ਕੁਨੈਕਸ਼ਨਾਂ ਨਾਲ ਜੋੜਿਆ ਗਿਆ ਹੈ, ਜਿਸ ਸਦਕਾ ਇਨ੍ਹਾਂ ਪਰਿਵਾਰਾਂ ਨੂੰ ਹੁਣ ਆਪਣੇ ਘਰਾਂ ਵਿੱਚ ਪੀਣਯੋਗ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋਕਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।