ਜਲੰਧਰ (ਪਾਲ ਸਿੰਘ ਨੌਲੀ): ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਜਲੰਧਰ ਨੇ ਮੌਜੂਦਾ ਖ਼ਰੀਦ ਸੀਜਨ ਦੌਰਾਨ ਚੁਕਾਈ ਵਿਚ ਸੂਬੇ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਵੱਲੋਂ ਸਮੁੱਚੀਆਂ 137 ਮੰਡੀਆਂ ਵਿਚ ਲਿਆਂਦੀ ਕੁੱਲ ਫ਼ਸਲ ਵਿੱਚੋਂ 40.96 ਫ਼ੀਸਦੀ ਕਣਕ ਦੀ ਚੁਕਾਈ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਫ਼ੀਸਦ ਸੂਬੇ ਦੀ ਔਸਤ ਨਾਲੋਂ ਵਧੇਰੇ ਹੈ। ਡੀਸੀ ਨੇ ਅਧਿਕਾਰੀਆਂ ਨੂੰ ਖ਼ਰੀਦ ਦੇ ਹਰ ਪੜਾਅ ਵਿੱਚ ਕਿਸਾਨਾਂ ਦੀ ਮਦਦ ਕਰਨ ਤੋਂ ਇਲਾਵਾ ਨਿਰਧਾਰਿਤ ਸਮੇਂ ਵਿੱਚ ਚੁਕਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 1,80,086 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਦੋਂਕਿ ਕੁੱਲ ਔਸਤ 40.96 ਦੇ ਨਾਲ 73,768 ਮੀਟ੍ਰਿਕ ਟਨ ਫ਼ਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਇਸ ਰੈਂਕਿੰਗ ਨੂੰ ਬਰਕਰਾਰ ਰੱਖਣ ਲਈ ਕਿਹਾ। ਉਹ ਰੋਜ਼ਾਨਾ ਖ਼ਰੀਦ ਪ੍ਰਕਿਰਿਆ ਦੀ ਸਮੀਖਿਆ ਕਰਨ ਤੋਂ ਇਲਾਵਾ ਖ਼ਰੀਦ, ਚੁਕਾਈ ਅਤੇ ਅਦਾਇਗੀ ਪ੍ਰਕਿਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।