ਥਾਣੇ ਦੇ ਬਾਹਰ ਟਰੱਕ ਉੱਤੇ ‘ਕਫ਼ਨ ਬੋਲ ਪਿਆ’ ਦੇ ਪੋਸਟਰ
ਪੁਲੀਸ ਪ੍ਰਸ਼ਾਸਨ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ; ਥਾਣਾ ਮੁਖੀ ਨੇ ਦੋਸ਼ ਨਕਾਰੇ
ਸਰਹੱਦੀ ਕਸਬਾ ਭਿੱਖੀਵਿੰਡ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਪੁਲੀਸ ਇੱਕ ਵਾਰ ਫਿਰ ਗੰਭੀਰ ਵਿਵਾਦਾਂ ਦੇ ਘੇਰੇ ਵਿੱਚ ਨਜ਼ਰ ਆ ਰਹੀ ਹੈ। ਮਾਮਲਾ ਉਸ ਵੇਲੇ ਚਰਚਾ ਦਾ ਵਿਸ਼ਾ ਬਣ ਗਿਆ ਜਦੋਂ ਥਾਣਾ ਭਿੱਖੀਵਿੰਡ ਦੇ ਬਾਹਰ ਖੜ੍ਹੇ ਟਰੱਕ ਉੱਤੇ ‘ਕਫ਼ਨ ਬੋਲ ਪਿਆ’ ਦੇ ਨਾਅਰੇ ਹੇਠ ਪੋਸਟਰ ਲੱਗਿਆ ਦੇਖਿਆ ਗਿਆ। ਪੋਸਟਰ ਵਿੱਚ ਸਿੱਧੇ ਤੌਰ ’ਤੇ ਥਾਣਾ ਮੁਖੀ ਉੱਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਗਾਉਂਦਿਆਂ ਲਿਖਿਆ ਗਿਆ ‘ਚਿੱਟਾ ਵੇਚਣ ਵਾਲਿਆਂ ਦਾ ਥਾਣਾ ਮੁਖੀ ਯਾਰ।’
ਪੋਸਟਰ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਭਿੱਖੀਵਿੰਡ ਵਿੱਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਅਤੇ ਪੁਲੀਸ ਪ੍ਰਸ਼ਾਸਨ ਜਾਣ-ਬੁੱਝ ਕੇ ਇਸ ਮਾਮਲੇ ਵਿੱਚ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਿਹਾ। ਹਾਲਾਂਕਿ, ਇਸ ਸਬੰਧੀ ਜਦੋਂ ਟਰੱਕ ਡਰਾਈਵਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮੌਕੇ ’ਤੇ ਮੌਜੂਦ ਨਹੀਂ ਮਿਲਿਆ।
ਇਸ ਦੌਰਾਨ ਭਿੱਖੀਵਿੰਡ ਦੀ ਚੇਲਾ ਕਲੋਨੀ ਅਤੇ ਸੇਵਾ ਕੇਂਦਰ ਦੇ ਨਜ਼ਦੀਕ ਬਣੇ ਕਮਰੇ ਵਿੱਚ ਨੌਜਵਾਨ ਨਸ਼ਾ ਕਰਦਾ ਨਜ਼ਰ ਆ ਰਿਹਾ ਹੈ। ਇਸ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਗੁੱਸਾ ਅਤੇ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ਦੇ ਨੇੜੇ ਨਸ਼ਾ ਇਸ ਤਰ੍ਹਾਂ ਸ਼ਰੇਆਮ ਵਿਕ ਰਿਹਾ ਹੈ ਅਤੇ ਵਰਤਿਆ ਜਾ ਰਿਹਾ ਹੈ, ਤਾਂ ਇਹ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ’ਤੇ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ।
ਦੂਜੇ ਪਾਸੇ ਆਪਣੇ ਉੱਪਰ ਲੱਗੇ ਦੋਸ਼ਾਂ ’ਤੇ ਸਫ਼ਾਈ ਦਿੰਦਿਆਂ ਥਾਣਾ ਮੁਖੀ (ਭਿੱਖੀਵਿੰਡ) ਹਰਪ੍ਰੀਤ ਸਿੰਘ ਵਿਰਕ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾ ਸਕਦਾ ਹੈ। ਥਾਣਾ ਮੁਖੀ ਨੇ ਦਾਅਵਾ ਕੀਤਾ ਕਿ ਉਕਤ ਵਿਅਕਤੀ ਵੱਲੋਂ ਪੁਲੀਸ ਨੂੰ ਜਾਣ-ਬੁੱਝ ਕੇ ਝੂਠੇ ਇਲਜ਼ਾਮ ਲਗਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਹ ਮਾਮਲਾ ਪੂਰੇ ਇਲਾਕੇ ਵਿੱਚ ਭੱਖਿਆ ਹੋਇਆ ਹੈ ਅਤੇ ਲੋਕ ਪ੍ਰਸ਼ਾਸਨ ਤੋਂ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਹਨ।

