ਕੰਗ ਵੱਲੋਂ ਕੇਂਦਰ ਤੋਂ 60 ਹਜ਼ਾਰ ਕਰੋੜ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ
ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਭਾਰੀ ਨੁਕਸਾਨ ਦੇ ਸਬੰਧ ’ਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ 60 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਪ੍ਰਤੀ ਏਕੜ ਨੁਕਸਾਨ ਲਈ 50 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਹੋਣਾ ਚਾਹੀਦਾ ਹੈ। ਅੱਜ ਬੇਲਾ ਤਾਜੋਵਾਲ ’ਚ ਸਤਲੁਜ ਦੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਨੂੰ ਪੰਜਾਬ ਨਾਲ ਪੂਰੀ ਹਮਦਰਦੀ ਜ਼ਾਹਿਰ ਕਰਦਿਆਂ ਤੁਰੰਤ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਤੋਂ ਸੂਬੇ ਵਿੱਚ ਹੋਏ ਨੁਕਸਾਨ ਲਈ ਪ੍ਰਤੀ ਏਕੜ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰ ਨੂੰ ਦੋ ਸਾਲ ਲਈ ਪੰਜਾਬ ਤੋਂ ਜੀਐੱਸਟੀ ਦੇਣ ਤੋਂ ਛੋਟ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ. ਲੈਡ ਫੰਡ ਦਾ ਇਸ ਸਾਲ ਦੀ ਬਕਾਇਆ ਰਕਮ ਉਨ੍ਹਾਂ ਵੱਲੋਂ ਤਰਜੀਹ ਦੇ ਆਧਾਰ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹੜ੍ਹ ਪੀੜਤਾਂ ਦੀ ਮਦਦ ਲਈ ਖਰਚੀ ਜਾਵੇਗੀ। ਜ਼ਿਲ੍ਹੇ ਵਿੱਚ ਬੰਨ੍ਹ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਪਿਛਲੇ ਦਿਨਾਂ ਤੋਂ ਲਗਾਤਾਰ ਵੱਖ-ਵੱਖ ਥਾਵਾਂ ’ਤੇ ਬੰਨ੍ਹ ਦੀ ਮੌਜੂਦਾ ਹਾਲਤ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੀ 4-5 ਥਾਵਾਂ ’ਤੇ ਬੰਨ੍ਹ ਨੂੰ ਆਧੁਨਿਕ ਢੰਗ ਨਾਲ ਮਜ਼ਬੂਤ ਕਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਵੱਖ-ਵੱਖ ਪਿੰਡਾਂ ਦੇ ਵਸਨੀਕ ਅਤੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।