ਕਰਤਾਰਪੁਰ ਸਾਹਿਬ ਲਾਂਘਾਂ ਬਿਨਾਂ ਦੇਰੀ ਖੋਲ੍ਹਿਆ ਜਾਵੇ: ਵਿਕਾਸ ਮੰਚ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 11 ਮਈ
ਅੰਮ੍ਰਿਤਸਰ ਵਿਕਾਸ ਮੰਚ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭਾਰਤ ਤੇ ਪਾਕਿ ਵਿਚਾਲੇ ਚੱਲ ਰਹੇ ਤਣਾਅ ਮਗਰੋਂ ਹੋਈ ਗੋਲੀਬੰਦੀ ਦੇ ਦੇ ਫੈਸਲੇ ਮਗਰੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬਿਨਾਂ ਕਿਸੇ ਦੇਰੀ ਦੇ ਖੋਲ੍ਹਣ ਲਈ ਬੇਨਤੀ ਕੀਤੀ ਹੈ। ਮੰਚ ਦੇ ਸਰਪ੍ਰਸਤ ਕੁਲਵੰਤ ਸਿੰਘ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਅਸਥਾਨ ਦੀ ਪਵਿੱਤਰ ਮਿੱਟੀ ਨੂੰ ਮਸਤਕ ’ਤੇ ਲਾਉਣ ਲਈ ਸੰਗਤ ਦੀ ਕਾਮਨਾ ਪੂਰਤੀ ਲਈ ਜ਼ਰੂਰੀ ਹੈ ਕਿ ਦੋਵਾਂ ਗੁਆਂਢੀ ਮੁਲਕਾਂ ਦੇ ਮਿਤਰਤਾ ਦੇ ਦੁਆਰ ਨੂੰ ਖੋਲ੍ਹਿਆ ਜਾਵੇ। ਜ਼ਿਕਰਯੋਗ ਹੈ ਕਿ ਸਿੱਖ ਸੰਗਤ ਦੀਆਂ ਅਰਦਾਸਾਂ ਨੂੰ ਪ੍ਰਵਾਨ ਕਰਦੇ ਹੋਏ ਦੋਵਾਂ ਗੁਆਂਢੀ ਮੁਲਕਾਂ ਦੀਆਂ ਸਰਕਾਰਾਂ ਨੇ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਦਿਹਾੜੇ ਮੌਕੇ ਇਹ ਲਾਂਘਾ ਖੋਲ੍ਹਣ ਦਾ ਇਤਿਹਾਸਕ ਉਪਰਾਲਾ ਕੀਤਾ ਸੀ। ਇਸ ਲਾਂਘੇ ਦੇ ਯਾਦਗਾਰੀ ਉਦਘਾਟਨੀ ਸਮਾਗਮ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖਾਨ ਬੜੀ ਸ਼ਰਧਾ ਭਾਵਨਾ ਸਹਿਤ ਸ਼ਾਮਲ ਹੋਏ ਸਨ।