Kataruchak Reviews Buying Arrangements at Banga Mandi: ਝੋਨੇ ਦੀ ਖ਼ਰੀਦ ਦੌਰਾਨ ਦਿੱਕਤ ਨਹੀਂ ਆਉਣ ਦੇਵਾਂਗੇ: ਕਟਾਰੂਚੱਕ
ਬੰਗਾ ਦਾਣਾ ਮੰਡੀ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੰਗਾ ਦਾਣਾ ਮੰਡੀ ਦਾ ਦੌਰਾ ਕਰ ਕੇ ਝੋਨੇ ਦੀ ਚੱਲ ਰਹੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰ ਕੇ ਮੰਡੀ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਖਰੀਦ ਲਈ ਲੋੜੀਂਦੇ ਸਾਰੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਿਲਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਨੂੰ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਦੇ ਨਾਲ ਜਿਣਸ ਅਦਾਇਗੀ ਵੀ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਯਕੀਨੀ ਬਣਾਈ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਖ਼ਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 3 ਲੱਖ 83 ਹਜ਼ਾਰ ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਇਸ ਵਿੱਚੋਂ 3 ਲੱਖ 44 ਹਜ਼ਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਨਾਲ ਵੀ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ।
ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਤਨਾਣਾ, ਜ਼ਿਲ੍ਹਾ ਪਰਿਸ਼ਦ ਮੈਂਬਰ ਸੋਹਣ ਲਾਲ ਢੰਡਾ, ਨੰਬਰਦਾਰ ਇੰਦਰਜੀਤ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸੰਯੋਗਿਤਾ, ਡੀ ਐੱਮ ਮਾਰਕਫੈੱਡ ਜਸਬੀਰ ਸਿੰਘ ਰਕੜਾ, ਸਕੱਤਰ ਮਾਰਕੀਟ ਕਮੇਟੀ ਬੰਗਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

