ਖਟਕੜ ਕਲਾਂ ਮੋਰਚਾ: ਨੌਜਵਾਨਾਂ ਨੇ ਸਰਕਾਰ ਨੂੰ ਹਰਾ ਪੈੱਨ ਯਾਦ ਕਰਵਾਇਆ
ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਲੋਕਾਂ ਦੀ ਭਲਾਈ ਲਈ ਹਰਾ ਪੈੱਨ ਚਲਾਉਣ ਦਾ ਵਾਅਦਾ ਚੇਤੇ ਕਰਵਾਇਆ ਅਤੇ ਸੂਬਾ ਸਰਕਾਰ ’ਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ। ਧਰਨੇ ਨੂੰ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਅਤੇ ਪੀਐੱਸਐੱਫ ਦੇ ਸੂਬਾ ਆਗੂ ਰਵੀ ਲੋਹਗੜ੍ਹ ਨੇ ਸੰਬੋਧਨ ਕੀਤਾ। ਆਗੂਆਂ ਕਰਦਿਆਂ ਮੰਗ ਕੀਤੀ ਕਿ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਹਾਲੇ ਵੀ ਸਰਕਾਰੀ ਵਿਭਾਗਾਂ ’ਚ ਲੱਖਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਪੰਜਾਬ ’ਚ ਸਿਰਫ ਇੱਕ ਵਿਅਕਤੀ ਨੂੰ ਹੀ ਬੇਰੁਜ਼ਗਾਰੀ ਭੱਤਾ ਮਿਲ ਰਿਹਾ ਹੈ।
ਸਭਾ ਦੇ ਸੂਬਾ ਕਮੇਟੀ ਮੈਂਬਰ ਮੱਖਣ ਸੰਗਰਾਮੀ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹਰ ਰੋਜ਼ ਮੌਤਾਂ ਹੋ ਰਹੀਆਂ ਹਨ, ਪੰਜਾਬ ‘ਚ ਸਿਰਫ ਇੱਕ ਨੌਜਵਾਨ ਨੂੰ ਭੱਤਾ ਮਿਲਦਾ ਹੈ ਅਤੇ ਪੱਕਾ ਰੁਜ਼ਗਾਰ ਦੀ ਥਾਂ ਕੱਚੇ ਕਾਮੇ ਭਰਤੀ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਵੱਡੀ ਲੁੱਟ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਇਸ ਸਰਕਾਰ ਦੇ ਪਹਿਲੀਆਂ ਸਰਕਾਰਾਂ ਨਾਲੋਂ ਕੋਈ ਫਰਕ ਦਿਖਾਈ ਨਹੀਂ ਦੇ ਰਿਹਾ ਅਤੇ ਉਹ ਸਰਕਾਰ ਨੂੰ ਜਗਾਉਣ ਲਈ ਇਹ ਦਿਨ ਰਾਤ ਦਾ ਧਰਨਾ ਲਗਾਤਾਰ ਜਾਰੀ ਰੱਖਣਗੇ।