ਮਨਪ੍ਰੀਤ ਸਿੰਘ
ਮਾਨਸਰ, 16 ਮਈ
ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਲਗਾਇਆ ਧਰਨਾ ਅੱਜ 218ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ, ਹਰਿਆਣੇ ਦੀ ਖੱਟਰ ਸਰਕਾਰ, ਅਡਾਨੀ, ਅੰਬਾਨੀ ਅਤੇ ਸਰਕਾਰ ਦਾ ਪੱਖ ਪੂਰਨ ਵਾਲੇ ਮੀਡੀਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਖਿਲਾਫ਼ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਦੇਸ਼ ਨੂੰ ਸੰਕਟ ਵਿਚੋਂ ਕੱਢਣ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਕੇਂਦਰ ਦੀ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਸਿਰ ਝੂਠੇ ਦੋਸ਼ ਮੜ੍ਹਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਆਪਣੀਆਂ ਵੱਡੀਆਂ ਵੱਡੀਆਂ ਰੈਲੀਆਂ ਕਰਕੇ ਕੋਵਿਡ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕਰੋਨਾ ਅਤੇ ਕਾਲੇ ਕਾਨੂੰਨਾਂ ਨੂੰ ਹਰਾਉਣ ਲਈ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਦਿੱਲੀ ਬਾਰਡਰਾਂ ‘ਤੇ ਸੰਘਰਸ਼ੀ ਮੋਰਚਿਆਂ ਵਿਚ ਸ਼ਮੂਲੀਅਤ ਕਰਨ ਤਾਂ ਜੋ ਕਿਸਾਨ ਸੰਘਰਸ਼ ਨੂੰ ਜਿੱਤ ਦੇ ਅੰਜਾਮ ਤੱਕ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਐੱਮ.ਐੱਸ.ਪੀ ਦੀ ਕਾਨੂੰਨੀ ਗਾਰੰਟੀ ਨਹੀਂ ਦਿੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੋਧ ਸਿੰਘ ਕੋਟਲੀ, ਨਰਿੰਦਰ ਸਿੰਘ ਗੋਲੀ, ਉਂਕਾਰ ਸਿੰਘ ਪੁਰਾਣਾ ਭੰਗਾਲਾ, ਬਲਦੇਵ ਕ੍ਰਿਸ਼ਨ, ਸੁਰਜੀਤ ਸਿੰਘ ਬਿੱਲਾ, ਇੰਦਰਜੀਤ ਸਿੰਘ ਹਿਯਾਤਪੁਰ, ਬਲਦੇਵ ਸਿੰਘ ਗਾਲੜੀਆਂ ਆਦਿ ਹਾਜ਼ਰ ਸਨ।
26 ਨੂੰ ਕਾਲਾ ਦਿਵਸ ਮਨਾਉਣਗੇ ਕਿਸਾਨ: ਪੰਡੋਰੀ
ਸ਼ਾਹਕੋਟ (ਗੁਰਮੀਤ ਖੋਸਲਾ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਇਆ ਹੋਇਆ ਧਰਨਾ 170 ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਹ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀ ਲੈ ਲੈਂਦੀ। ਇਹ ਪ੍ਰਗਟਾਵਾ ਕਮੇਟੀ ਦੇ ਸੂਬਾ ਵਿੱਤ ਸਕੱਤਰ ਗੁਰਲਾਲ ਸਿੰਘ ਪੰਡੋਰੀ ਨੇ ਇੱਥੇ ਜ਼ਿਲ੍ਹਾ ਕਮੇਟੀ ਜਲੰਧਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਕਮੇਟੀ ਵੱਲੋਂ ਦਿੱਲੀ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਲਈ 5 ਜੂਨ ਨੂੰ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਿਜਾਣ ਲਈ ਜ਼ਿਲ੍ਹੇ ਅੰਦਰ ਕੀਤੀ ਜਾ ਰਹੀ ਤਿਆਰੀ ਦਾ ਜਾਇਜ਼ਾ ਲੈਣ ਲਈ ਉਹ ਇੱਥੇ ਆਏ ਸਨ। ਉਨ੍ਹਾਂ ਕਿਹਾ ਕਿ 26 ਮਈ ਨੂੰ ਦਿੱਲੀ ਦੇ ਬਾਰਡਰਾਂ ’ਤੇ ਮੋਰਚੇ ਨੂੰ 6 ਮਹੀਨੇ ਹੋਣ ਅਤੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਉਨ੍ਹਾਂ ਨੇ ਸੂਬੇ ਵਿਚ ਕਾਲੇ ਝੰਡਿਆਂ ਨਾਲ ਮੁਜ਼ਾਹਰੇ ਕਰਕੇ ਮੋਦੀ ਹਕੂਮਤ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਅਤੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਕਿਹਾ ਕਿ ਸਰਕਾਰਾਂ ਲੋਕਾਂ ਵਿਚ ਕਰੋਨਾ ਦਾ ਡਰ ਪੈਦਾ ਕਰਕੇ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ 5 ਜੂਨ ਨੂੰ ਜ਼ਿਲ੍ਹੇ ਕਿਸਾਨ ਵੱਡੇ ਕਾਫਲਿਆਂ ਦੇ ਰੂਪ ’ਚ ਬਿਨਾਂ ਕਿਸੇ ਡਰ ਤੋਂ ਦਿੱਲੀ ਮੋਰਚਿਆਂ ਵਿਚ ਭਰਵੀ ਸ਼ਮੂਲੀਅਤ ਕਰਨਗੇ।