punjab news: ਕਿਸਾਨ ਮੋਰਚੇੇ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ
22 ਜੁਲਾਈ ਨੂੰ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਅੈਲਾਨ; ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਵੀ ਫ਼ੈਸਲਾ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਤਜਵੀਜ਼ਤ ਦੁਵੱਲੇ ਵਪਾਰ ਸਮਝੌਤੇ (ਬੀ ਟੀ ਏ) ਅਤੇ ਮੁਕਤ ਵਪਾਰ ਸਮਝੌਤੇ (ਐੱਫ ਟੀ ਏ) ਖ਼ਿਲਾਫ਼ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅ ਦੁਪਹਿਰ 3 ਵਜੇ ਤੱਕ ਸੂਬੇ ਦੇ ਸਾਰੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ। ਕਰਨੈਲ ਸਿੰਘ ਈਸੜੂ ਭਵਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਪ੍ਰੇਮ ਸਿੰਘ ਭੰਗੂ ਅਤੇ ਬਲਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਵਪਾਰਕ ਸਮਝੌਤਿਆਂ ਦਾ ਵਿਰੋਧ ਕੀਤਾ ਗਿਆ।
ਕਿਸਾਨ ਆਗੂਆਂ ਨੇ ਖ਼ਦਸ਼ਾ ਪ੍ਰਗਟਾਇਆ ਕਿ ਇਸ ਸਮਝੌਤੇ ਨਾਲ ਦੇਸ਼ ਦਾ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਵਪਾਰੀਆਂ ਲਈ ਖੁੱਲ੍ਹ ਜਾਵੇਗਾ। ਵਿਸ਼ਵਵਿਆਪੀ ਪੂੰਜੀ ਅਤੇ ਵਪਾਰ ਦਾ ਇਹ ਫੈਲਾਅ ਘਰੇਲੂ ਬਾਜ਼ਾਰ ਅਤੇ ਆਰਥਿਕਤਾ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪਵੇਗਾ। ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੇ ਹਿੱਤ ਦਾਅ ’ਤੇ ਲਾ ਰਹੀ ਹੈ।
ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿਲ ਅਤੇ ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਹਾ ਕਿ ਭਾਜਪਾ ਸਰਕਾਰ ਇਨ੍ਹਾਂ ਸਮਝੌਤਿਆਂ ਦੇ ਤੱਥ ਦੇਸ਼ ਦੇ ਲੋਕਾਂ ਤੋਂ ਲੁਕਾ ਰਹੀ ਹੈ ਅਤੇ ਅਮਰੀਕਾ ਦੀ ਟਰੰਪ ਸਰਕਾਰ ਅੱਗੇ ਗੋਡੇ ਟੇਕ ਰਹੀ ਹੈ। ਸਤਨਾਮ ਸਿੰਘ ਅਜਨਾਲਾ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ ਅਤੇ ਹਰਮੀਤ ਸਿੰਘ ਕਾਦੀਆਂ ਨੇ ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਦਾ ਵੀ ਗੰਭੀਰ ਨੋਟਿਸ ਲਿਆ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ। ਅਜਿਹਾ ਨਾ ਹੋਣ ’ਤੇ ਪਾਵਰ ਗਰਿੱਡਾਂ ਦਾ ਘਿਰਾਓ ਕੀਤਾ ਜਾਵੇਗਾ।
ਮੀਟਿੰਗ ਵਿੱਚ ਖਾਦਾਂ ਦੀ ਘਾਟ ਤੁਰੰਤ ਪੂਰੀ ਕਰਨ ਅਤੇ ਗੰਨਾ ਉਤਪਾਦਕਾਂ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਵਕਾਲਤ ਵੀ ਕੀਤੀ ਗਈ। ਬੂਟਾ ਸਿੰਘ ਸ਼ਾਦੀਪੁਰ, ਹਰਭਜਨ ਸਿੰਘ ਬੁੱਟਰ ਅਤੇ ਗੁਰਮੀਤ ਸਿੰਘ ਮਹਿਮਾ ਨੇ ਟਿਊਬਵੈੱਲ ਮੋਟਰਾਂ ਦਾ ਲੋਡ ਅੱਧੇ ਰੇਟ ’ਤੇ ਵਧਾਉਣ ਵਾਲੀ ਯੋਜਨਾ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਨਾਮ ਸਿੰਘ ਭੀਖੀ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਨਛੱਤਰ ਸਿੰਘ ਜੈਤੋ ਸਮੇਤ ਹੋਰ ਆਗੂਆਂ ਨੇ ਵੀ ਕਿਸਾਨੀ ਮਸਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
