ਹਰਪ੍ਰੀਤ ਕੌਰ
ਹੁਸ਼ਿਆਰਪੁਰ, 13 ਅਕਤੂਬਰ
ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ, ਪੈਟਰੋਲ, ਡੀਜ਼ਲ ਅਤੇ ਹਰ ਰੋਜ਼ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ’ਚ ਲੇਬਰ ਪਾਰਟੀ ਵਲੋਂ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਥਿੰਦ ਦੀ ਅਗਵਾਈ ਮੁਜ਼ਾਹਰਾ ਕੀਤਾ ਗਿਆ। ਸ੍ਰੀ ਧੀਮਾਨ ਨੇ ਕਿਹਾ ਕਿ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਨੇ ਘਰਾਂ ਵਿਚ ਮੁੜ ਚੁੱਲ੍ਹੇ ਜਲਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਅਤੇ ਉਨ੍ਹਾਂ ਉਤੇ ਭਾਰੀ ਟੈਕਸ ਲਗਾ ਕੇ ਲੋਕਾਂ ਨੂੰ ਆਰਥਿਕ ਪੱਖ ਤੋਂ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨਾਲ ਦੂਸਰੇ ਪਦਾਰਥਾਂ ਦੀ ਮਹਿੰਗਾਈ ਅਤੇ ਲੋਕਾਂ ਦੇ ਰੁਜ਼ਗਾਰ ਜੁੜੇ ਹੋਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਿੰਗਾਈ ਵਿਰੁੱਧ ਲਾਮਬੰਦ ਹੋਣ ਅਤੇ ਇਸ ਨੂੰ 2022 ਦੀਆਂ ਚੋਣਾਂ ਵਿਚ ਮੁੱਦਾ ਬਣਾਉਣ ਤਾਂ ਜੋ ਮਹਿੰਗਾਈ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਸਿੰਘ, ਬਾਵਾ ਹੰਦੋਵਾਲ, ਭਗਵਾਨ ਦਾਸ, ਦੀਪਕ ਕੁਮਾਰ, ਹਰਜੋਤ ਸਿੰਘ ਹਾਜ਼ਰ ਸਨ।