ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਜ਼ਮੀਨ ਦਾ ਕਬਜ਼ਾ ਲਿਆ
ਵਿੱਤ ਮੰਤਰੀ ਦੀ ਅਗਵਾਈ ਹੇਠ ਕਾਰਵਾਈ ਕੀਤੀ; 10 ਏਕਡ਼ ’ਚ ਉਸਾਰਿਆ ਜਾਵੇਗਾ ਅਧਿਐਨ ਕੇਂਦਰ: ਚੀਮਾ
ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ’ਤੇ ਸਥਿਤ ਪਿੰਡ ਨੌਂਗਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਵੱਲ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵਿਦਾਸ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਹਟਾਉਣ 55 ਲੱਖ ਰੁਪਏ ਦਾ ਖਰਚਾ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।
ਵਿੱਤ ਮੰਤਰੀ ਨੇ ਦੱਸਿਆ ਕਿ ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰਾਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਨਕਾਸ਼ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ।
ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਇਮਾਨਦਾਰੀ ਤੇ ਤੇਜ਼ੀ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮਗਰੋਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਰਾ ਸੱਚਖੰਡ ਬੱਲਾਂ ਵਿੱਚ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ।

