ਲੈਂਡ ਪੂਲਿੰਗ ਪਾਲਿਸੀ ਮਨਜ਼ੂਰ ਨਹੀਂ: ਸਹੋਤਾ
ਕਿਸਾਨ ਗੰਨਾ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਲਈ ਘਾਤਕ ਹੈ ਅਤੇ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਹਮਾਇਤੀ ਬਣ ਕੇ ਸੂਬੇ ਦੇ ਖੇਤੀ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ 7 ਅਗਸਤ ਨੂੰ ਐੱਸਕੇਐੱਮ ਗੈਰ-ਰਾਜਨੀਤਕ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਕੀਤੀ ਜਾਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ ਅਤੇ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਦਲ ਤਿਆਰ ਕਰ ਰਹੀ ਹੈ। ਸੂਬੇ ਭਰ ਅੰਦਰ ਲੋਕਾਂ ਵਲੋ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਹਰ ਪੱਧਰ ’ਤੇ ਵਿਰੋਧ ਕੀਤਾ ਜਾ ਰਿਹਾ ਹੈ, ਪਰ ਸਰਕਾਰ ਇਸ ਨੂੰ ਰੱਦ ਕਰਨ ਦੀ ਥਾਂ ਲਾਗੂ ਕਰਨ ਲਈ ਦੇ ਹੱਥਕੰਡੇ ਵਰਤ ਰਹੀ ਹੈ। ਆਗੂਆਂ ਮੰਗ ਕੀਤੀ ਕਿ ਗੰਨੇ ਦੇ ਬਕਾਏ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਯੂਰੀਆ ਖਾਦ ਦੀ ਘਾਟ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 7 ਦੀ ਲੁਧਿਆਣਾ ਰੈਲੀ ਤੋਂ ਬਾਅਦ ਵੀ ਲੈਂਡ ਪੂਲਿੰਗ ਨੀਤੀ ਰੱਦ ਨਾ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।