ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਕਰੀਮਪੁਰੀ
ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 18 ਜੂਨ
ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਬੇਹੁਰਮਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੇ ਵਿਗੜੇ ਹਾਲਾਤ ਖ਼ਿਲਾਫ਼ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਡੀਐੱਸਪੀ ਗੜ੍ਹਸ਼ੰਕਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਪਾਰਟੀ ਆਗੂਆਂ ਵੱਲੋਂ ਗੁਰੂ ਰਵਿਦਾਸ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਖੁਰਾਲਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਕੀਤਾ ਗਿਆ ਜੋ ਕਾਫ਼ਲੇ ਦੇ ਰੂਪ ਵਿੱਚ ਗੜ੍ਹਸ਼ੰਕਰ ਵੱਲ ਰਵਾਨਾ ਹੋਇਆ।
ਗੜ੍ਹਸ਼ੰਕਰ ਵਿੱਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ਪਾਸੇ ਅੱਖਾਂ ਬੰਦ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਡਾ. ਅੰਬੇਡਕਰ ਦੀ ਫੋਟੋ ਦਫ਼ਤਰਾਂ ਵਿੱਚ ਲਾਉਣ ਦਾ ਪਾਖੰਡ ਕੀਤਾ ਗਿਆ ਹੈ ਜਦਕਿ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ‘ਪੰਜਾਬ ਬਚਾਓ ਮੁਹਿੰਮ’ ਵਿੱਚ ਵਧ- ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਸਰਕਾਰ ਵਿਰੁੱਧ ਭੜਾਸ ਕੱਢੀ ਅਤੇ ਮੰਗ ਕੀਤੀ ਕਿ ਪੰਜਾਬ ਵਿੱਚ ਬਾਬਾ ਸਾਹਿਬ ਦੇ ਸਾਰੇ ਬੁੱਤਾਂ ਦੀ ਰੱਖਿਆ ਲਈ ਪੁਲੀਸ ਕਰਮਚਾਰੀ ਲਾਏ ਜਾਣ ਅਤੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਲਗਭਗ ਤਿੰਨ ਘੰਟੇ ਦੇ ਰੋਸ ਧਰਨੇ ਮੌਕੇ ਐੱਸਡੀਐੱਮ ਹਰਬੰਸ ਸਿੰਘ ਮੌਕੇ ’ਤੇ ਪੁੱਜੇ ਅਤੇ ਮੰਗ ਪੱਤਰ ਹਾਸਿਲ ਕਰਦਿਆਂ ਕਿਹਾ ਕਿ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਜਲਦ ਹੋਵੇਗੀ। ਇਸ ਮੌਕੇ ਬਸਪਾ ਦੇ ਜਨਰਲ ਸਕੱਤਰ ਬਲਵਿੰਦਰ ਕੁਮਾਰ ਸਮੇਤ ਪਾਰਟੀ ਦੀ ਸਥਾਨਕ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ।