ਹੜ੍ਹ ਪੀੜਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਨਾਲ-ਨਾਲ ਘਰਾਂ, ਦੁਕਾਨਾਂ ਅਤੇ ਹੋਰ ਥਾਵਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਅੱਜ ਭੋਆ ਹਲਕੇ ਵਿੱਚ ਰਾਵੀ ਦਰਿਆ ਦੇ ਨਾਲ-ਨਾਲ ਕਥਲੌਰ ਅਤੇ ਗੁਆਂਢੀ ਇਲਾਕਿਆਂ ਦਾ ਦੌਰਾ ਕੀਤਾ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੰਨ੍ਹ ਮਜ਼ਬੂਤ ਕਰਨ ਵਾਸਤੇ ਅਤੇ ਹੜ੍ਹਾਂ ਦਾ ਪਾਣੀ ਉਤਰਨ ਮਗਰੋਂ ਖੇਤਾਂ ਵਿੱਚੋਂ ਰੇਤਾ ਕੱਢਣ ਵਾਸਤੇ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ।
ਸੁਖਬੀਰ ਬਾਦਲ ਨੇ ਕਿਹਾ ਕਿ ਲੱਖਾਂ ਏਕੜ ਜ਼ਮੀਨ ’ਤੇ ਫ਼ਸਲ ਤਬਾਹ ਹੋ ਗਈ ਹੈ ਅਤੇ ਵਿਆਪਕ ਤਬਾਹੀ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਤ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਬੈਂਕ ਅਤੇ ਸਹਿਕਾਰੀ ਸਭਾਵਾਂ ਦਾ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹਾਲੇ ਤੱਕ ਫ਼ਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ ਦੇ ਘਰ, ਦੁਕਾਨਾਂ, ਸ਼ੈੱਡ ਤੇ ਹੋਰ ਟਿਕਾਣੇ ਤਬਾਹ ਹੋਏ ਹਨ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਉਸ ਥਾਂ ਦਾ ਵੀ ਦੌਰਾ ਕੀਤਾ ਜਿਥੋਂ 100 ਤੋਂ 150 ਦੁਕਾਨਾਂ ਅਤੇ ਮਸਜ਼ਿਦ ਹੜ੍ਹਾਂ ਦੇ ਪਾਣੀਆਂ ਵਿਚ ਰੁੜ੍ਹ ਗਏ ਸਨ।
ਅਕਾਲੀ ਦਲ ਦੇ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਮਾਝਾ ਕਿਸਾਨ ਸੰਘਰਸ਼ ਸਮਿਤੀ ਦੇ ਮੈਂਬਰਾਂ ਨੇ ਦੱਸਿਆ ਕਿ ਹੜ੍ਹਾਂ ਦੇ ਪਾਣੀਆਂ ਨਾਲ 500 ਤੋਂ ਵੱਧ ਏਕੜ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ ਅਤੇ 20 ਤੋਂ 25 ਪਿੰਡ ਖ਼ਤਰੇ ਵਿੱਚ ਹਨ। ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿਵਾਇਆ ਕਿ ਉਹ ਅਕਾਲੀ ਦਲ ਦੇ ਵਰਕਰਾਂ ਤੇ ਸਰੋਤਾਂ ਦੀ ਮਦਦ ਪ੍ਰਦਾਨ ਕਰਨਗੇ ਅਤੇ ਅਕਾਲੀ ਦਲ ਹੜ੍ਹਾਂ ਦਾ ਪਾਣੀ ਉਤਰਣ ਮਗਰੋਂ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਮਦਦ ਕਰੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਵਿਚ ਲੀਡਰਸ਼ਿਪ ਦੇ ਸੰਕਟ ਕਾਰਨ ਪੰਜਾਬ ਵਿੱਚ ਸਰਕਾਰ ਵੀ ਗੰਭੀਰ ਸੰਕਟ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਨ ਦਾ ਹੱਕ ਗੁਆ ਲਿਆ ਹੈ ਤੇ ‘ਆਪ’ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਵਿਚ ਅਸਫਲ ਰਹੀ ਹੈ।
ਇਸ ਮੌਕੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ, ਰਵੀ ਮੋਹਨ ਤੇ ਹੋਰ ਵੀ ਹਾਜ਼ਰ ਸਨ।