ਸਥਾਨਕ ਸਰਕਾਰਾਂ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਪਿੰਡ ਪੰਡੋਰੀ ਖਜੂਰ ਦੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਮੀਂਹ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜਲਦੀ ਹੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਕਿਤੇ ਵੀ ਪਾਣੀ ਜਮ੍ਹਾਂ ਹੋਣ, ਨਾਲੀਆਂ ਦੀ ਸਫਾਈ, ਸੜਕਾਂ ਟੁੱਟਣ ਜਾਂ ਹੋਰ ਸਮੱਸਿਆਵਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਵਿਭਾਗ ਤਾਲਮੇਲ ਕਰ ਕੇ ਉਨ੍ਹਾਂ ਦਾ ਜਲਦੀ ਹੱਲ ਕਰਨਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ।