ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਸਤੰਬਰ
ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਭਰ ਵਿੱਚ ਹਜ਼ਾਰਾਂ ਏਕੜ ਸਾਉਣੀ ਦੀ ਫਸਲ ਪਾਣੀ ਵਿੱਚ ਡੁੱਬਣ ਕਾਰਨ ਬਰਬਾਦ ਹੋ ਗਈ ਹੈ। ਉਨ੍ਹਾਂ ਨੇ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਦੁੱਖ ਪ੍ਰਗਟਾਇਆ ਕਿ ਸਬਜ਼ੀਆਂ ਤੋਂ ਇਲਾਵਾ ਪੱਕੀ ਹੋਈ ਝੋਨੇ ਅਤੇ ਨਰਮੇ ਦੀ ਖੜ੍ਹੀ ਫਸਲ ਤਬਾਹ ਹੋਣ ਕਾਰਨ ਹਰ ਕਿਸਾਨ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ। ਭਾਰੀ ਮੀਂਹ ਨਾਲ ਜਲ-ਥਲ ਹੋਣ ਕਾਰਨ ਖੇਤਾਂ ਵਿੱਚ ਖੜ੍ਹੀਆਂ ਹਰ ਕਿਸਮ ਦੀਆਂ ਫਸਲਾਂ ਪ੍ਰਭਾਵਿਤ ਹੋਈਆਂ ਹਨ। ਇਸ ਮੀਂਹ ਨਾਲ ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਦਾ ਚੱਕਰ ਬਦਲ ਜਾਵੇਗਾ, ਜਿਸ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਹੋਰ ਵਧ ਸਕਦੀਆਂ ਹਨ। ਬੀਬਾ ਰਾਜੂ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਕਿ ਅਚਾਨਕ ਪਏ ਭਾਰੀ ਮੀਂਹ ਕਾਰਨ ਵਾਢੀ ਵਿੱਚ ਦੇਰੀ, ਝੋਨੇ ਵਿੱਚ ਨਮੀ ਦੀ ਮਾਤਰਾ ਵਧਣ, ਝਾੜ ਅਤੇ ਅਨਾਜ ਦੀ ਗੁਣਵੱਤਾ ਘਟੇਗੀ ਜਿਸ ਕਰਕੇ ਫ਼ਸਲ ਦੀ ਘੱਟ ਕੀਮਤ ਮਿਲੇਗੀ। ਉਨਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।ਇਸ ਮੀਂਹ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਦਿੱਤੀ ਹੈ ਕਿਉਂਕਿ ਦਾਣਾ ਮੰਡੀਆਂ ਅਤੇ ਸ਼ਹਿਰੀ ਖੇਤਰ ਬਰਸਾਤੀ ਪਾਣੀ ਵਿੱਚ ਡੁੱਬ ਗਏ।