LPU ਪ੍ਰਸ਼ਾਸਨ ਨੇ ਐਤਵਾਰ ਦੇ ਹੰਗਾਮੇ ਲਈ ਬਾਹਰੀ ਲੋਕਾਂ ਨੂੰ ਠਹਿਰਾਇਆ ਜ਼ਿੰਮੇਵਾਰ
ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲੀਸ ਤੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ; ਕੈਂਪਸ ਵਿੱਚ ਸਥਿਤੀ ਆਮ ਵਾਂਗ ਹੋਣ ਦਾ ਦਾਅਵਾ
ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ ਪੀ ਯੂ) ਵਿੱਚ ਹਿੰਸਕ ਪ੍ਰਦਰਸ਼ਨਾਂ ਤੋਂ ਇੱਕ ਦਿਨ ਬਾਅਦ ਕੈਂਪਸ ਵਿੱਚ ਸ਼ਾਂਤੀ ਪਰਤਣ 'ਤੇ, ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਪੁਲੀਸ, ਸਿਵਲ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਦੁਹਰਾਇਆ ਗਿਆ ਕਿ ਇੱਕ ਦਿਨ ਪਹਿਲਾਂ ਹੋਏ ਹੰਗਾਮੇ ਲਈ ਬਾਹਰੀ ਲੋਕ ਜ਼ਿੰਮੇਵਾਰ ਸਨ।
ਪ੍ਰਬੰਧਕਾਂ ਨੇ ਇਹ ਵੀ ਕਿਹਾ ਕਿ ਕੈਂਪਸ ਸੁਰੱਖਿਅਤ ਹੈ ਅਤੇ ਆਮ ਗਤੀਵਿਧੀਆਂ ਮੁੜ ਸ਼ੁਰੂ ਹੋ ਗਈਆਂ ਹਨ।
ਐੱਲ ਪੀ ਯੂ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਵਿਦਿਆਰਥੀਆਂ ਦੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮੰਨਿਆ ਕਿ ਇਹ ਅਸ਼ਾਂਤੀ ਮੁੱਖ ਤੌਰ 'ਤੇ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਗੈਰ-ਕਾਨੂੰਨੀ ਢੰਗ ਨਾਲ ਕੈਂਪਸ ਵਿੱਚ ਦਾਖਲ ਹੋਣ ਵਾਲੇ ਬਾਹਰੀ ਲੋਕਾਂ ਦਾ ਨਤੀਜਾ ਸੀ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਸਪਾਲ ਸਿੰਘ ਨੇ ਬਿਆਨ ਵਿੱਚ ਕਿਹਾ, "ਨਿਰੰਤਰ ਯਤਨਾਂ ਰਾਹੀਂ, ਐੱਲ ਪੀ ਯੂ ਨੇ ਆਪਣੇ ਆਪ ਨੂੰ ਇੱਕ ਮੋਹਰੀ ਸੰਸਥਾ ਵਜੋਂ ਸਥਾਪਿਤ ਕੀਤਾ ਹੈ ਅਤੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਵਿਕਾਸ ਅਤੇ ਤਬਦੀਲੀ ਵਿੱਚ ਯੋਗਦਾਨ ਪਾਇਆ ਹੈ।"
ਉਨ੍ਹਾਂ ਕਿਹਾ, "ਯੂਨੀਵਰਸਿਟੀ ਨੇ ਸੋਸ਼ਲ ਮੀਡੀਆ 'ਤੇ ਫੈਲ ਰਹੀ ਜਾਣਕਾਰੀ ਦੀ ਸਮੀਖਿਆ ਕੀਤੀ ਹੈ ਅਤੇ ਬੇਬੁਨਿਆਦ ਤੇ ਝੂਠੇ ਦਾਅਵਿਆਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਐੱਲ ਪੀ ਯੂ ਵਿਦਿਆਰਥੀਆਂ, ਮਾਪਿਆਂ ਅਤੇ ਵਿਆਪਕ ਭਾਈਚਾਰੇ ਨੂੰ ਅਪੀਲ ਕਰਦਾ ਹੈ ਕਿ ਉਹ ਸਿਰਫ਼ ਪ੍ਰਮਾਣਿਤ ਜਾਣਕਾਰੀ 'ਤੇ ਭਰੋਸਾ ਕਰਨ ਅਤੇ ਸੋਸ਼ਲ ਮੀਡੀਆ ਦੀ ਫਰਜ਼ੀ ਸਮੱਗਰੀ 'ਤੇ ਧਿਆਨ ਨਾ ਦੇਣ।''
ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਕੈਂਪਸ ਵਿੱਚ ਹੋਸਟਲ ਦੀ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦੋਸ਼ਾਂ ਦੇ ਨੂੰ ਲੈਕੇ ਐਤਵਾਰ ਸ਼ਾਮ ਨੂੰ ਕੁਝ ਪ੍ਰਦਰਸ਼ਨਕਾਰੀਆਂ ਨੇ ਕੈਂਪਸ ਵਿੱਚ ਹੰਗਾਮਾ ਕੀਤਾ ਸੀ, ਜਿਸ ਦੌਰਾਨ ਹਿੰਸਕ ਭੀੜ ਵੱਲੋਂ ਪੁਲੀਸ ਦੀਆਂ ਗੱਡੀਆਂ ਦੀ ਭੰਨਤੋੜ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਦਾਅਵਿਆਂ ਨੂੰ ਪਹਿਲਾਂ ਹੀ ਸਿਰਫ਼ ਇੱਕ ਅਫ਼ਵਾਹ ਕਰਾਰ ਦਿੱਤਾ ਜਾ ਚੁੱਕਾ ਹੈ।

