ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 10 ਅਗਸਤ
ਸੰਯੁਕਤ ਕਿਸਾਨ-ਮਜ਼ਦੂਰ ਮੋਰਚੇ ਦੀ ਅਹਿਮ ਮੀਟਿੰਗ ਸੁਖਦੇਵ ਕੁਮਾਰ ਸਰਪੰਚ ਟੌਂਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਸ਼ੂਆਂ ਵਿੱਚ ਤੇਜ਼ੀ ਨਾਲ ਫੈਲ ਰਹੇ ਲੰਪੀ ਸਕਿਨ ਰੋਗ ਕਾਰਨ ਕਿਸਾਨਾਂ-ਮਜ਼ਦੂਰਾਂ ਦੇ ਹੋ ਰਹੇ ਨੁਕਸਾਨ ਸਬੰਧੀ ਗੰਭੀਰਤਾ ਨਾਲ ਚਰਚਾ ਕੀਤੀ ਗਈ। ਮੀਟਿੰਗ ’ਚ ਮਹਿਸੂਸ ਕੀਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਅਤੇ ਕੇਂਦਰ ਸਰਕਾਰ ਦੀ ਚੁੱਪ ਕਾਰਨ ਬਿਮਾਰੀ ਨੇ ਪਸ਼ੂ-ਧਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਜੇਕਰ ਹਾਲਾਤ ਨਾ ਸੁਧਰੇ ਤਾਂ ਪਹਿਲਾਂ ਹੀ ਮਹਿੰਗਾਈ ਨਾਲ ਝੰਬੇ ਕਿਸਾਨਾਂ-ਮਜ਼ਦੂਰਾਂ ਨੂੰ ਦੋ ਡੰਗ ਦੀ ਰੋਟੀ ਦੇ ਵੀ ਲਾਲ਼ੇ ਪੈ ਜਾਣਗੇ। ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਗਾਉਣ ਹਿੱਤ 17 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਜਥੇਬੰਦੀ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਰੋਸ ਐਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਸਰਕਾਰ ਅਤੇ ਪ੍ਰਸ਼ਾਸਨ ਨੂੰ ਪਸ਼ੂ ਧਨ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ, ਜੰਗੀ ਪੱਧਰ ’ਤੇ ਪਸ਼ੂਆਂ ਦਾ ਇਲਾਜ ਕਰਨ, ਦਵਾਈਆਂ ਦਾ ਬੰਦੋਬਸਤ ਕਰਨ ਅਤੇ ਜਾਗਰੂਕਤਾ ਕੈਂਪ ਲਗਾਉਣ ਲਈ ਮਜਬੂਰ ਕੀਤਾ ਜਾ ਸਕੇ।
ਮੀਟਿੰਗ ਵਿੱਚ ਕ੍ਰਿਸ਼ਨ ਕੁਮਾਰ ਅਤੇ ਸ਼ਸ਼ੀ ਰਾਣਾ ਸਾਬਕਾ ਸਰਪੰਚ, ਪਰਵਿੰਦਰ ਬਾਠ ਸਾਬਕਾ ਸਰਪੰਚ, ਮੈਂਬਰ ਪੰਚਾਇਤ ਪਿਆਰੋ ਅਤੇ ਰਜਨੀ ਆਦਿ ਪਤਵੰਤੇ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਬਿਜਲੀ ਸੋਧ ਬਿੱਲ ਨੂੰ ਕੇਂਦਰ ਸਰਕਾਰ ਰੱਦ ਕਰੇ ਕਿਉਂਕਿ ਇਹ ਬਿੱਲ ਸਿਰਫ ਕਾਰਪੋਰੇਟਾਂ ਨੂੰ ਹੀ ਫਾਇਦਾ ਕਰੇਗਾ, ਜਦੋਂਕਿ ਸਮਾਜ ਦੇ ਬਾਕੀ ਵਰਗਾਂ ਦਾ ਨੁਕਸਾਨ ਕਰੇਗਾ ਅਤੇ ਇਸ ਬਿੱਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ।