ਮਲਵਿੰਦਰ ਕੰਗ ਵੱਲੋਂ ਗੜ੍ਹਸ਼ੰਕਰ ਦੀਆਂ ਮੰਡੀਆਂ ਦਾ ਦੌਰਾ
ਹਲਕਾ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਹਲਕਾ ਗੜ੍ਹਸ਼ੰਕਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਦਾਣਾ ਮੰਡੀ ਰੋੜ ਮਜਾਰਾ, ਸਮੁੰਦੜਾ, ਪਨਾਮ, ਗੜ੍ਹਸ਼ੰਕਰ ਅਤੇ ਸੈਲਾ ਮੰਡੀਆਂ ਦਾ ਨਿਰੀਖਣ ਕੀਤਾ।
ਲੋਕ ਸਭਾ ਮੈਂਬਰ ਨੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਹਰ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਲਿਫਟਿੰਗ ਸਮੇਂ ’ਤੇ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਨਾਲੋ-ਨਾਲ ਭੁਗਤਾਣ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ, ਸਫ਼ਾਈ ਪ੍ਰਬੰਧਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਲੋਕ ਸਭਾ ਮੈਂਬਰ ਕੰਗ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ, ਮੰਡੀ ਬੋਰਡ ਦੇ ਨੁਮਾਇੰਦੇ, ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।