ਸੁਭਾਸ਼ ਜੋਸ਼ੀ
ਬਲਾਚੌਰ, 6 ਅਗਸਤ
ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਬਲਾਚੌਰ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਅਗਾਊਂ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਹਾਜ਼ਰੀ ’ਚ ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਵਿਚ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਆਪਸੀ ਤਾਲਮੇਲ ਨਾਲ ਇਨ੍ਹਾਂ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਇਸ ਦੌਰਾਨ ਉਨ੍ਹਾਂ ਡਰੇਨਜ਼ ਅਤੇ ਹੋਰਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਤਲੁਜ ਦਰਿਆ ਅਤੇ ਧੁੱਸੀ ਬੰਨ੍ਹ ’ਤੇ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਬਿਓਰਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਦੌਰਾਨ ਸ੍ਰੀ ਤਿਵਾੜੀ ਨੇ ਸਬ-ਡਿਵੀਜ਼ਨ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਕੋਵਿਡ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮਾਂਬੱਧ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਇਸ ਦੌਰਾਨ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਪਹਿਲੇ ਫੇਜ਼ ਵਿਚ ਸੀਵਰੇਜ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਦੂਜੇ ਫੇਜ਼ ਦੀ ਪਰਪੋਜ਼ਲ ਬਣਾ ਕੇ ਭੇਜ ਦਿੱਤੀ ਗਈ ਹੈ।